ਚੰਡੀਗੜ੍ਹ :- ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਸਮੇਤ ਕਈ ਸੂਬਿਆਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ 26 ਅਗਸਤ ਨੂੰ ਪੰਜਾਬ ਸਮੇਤ 19 ਰਾਜਾਂ ਵਿੱਚ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ਸਮੇਤ ਕਈ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਝਾਰਖੰਡ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਜਰਾਤ, ਮਹਾਰਾਸ਼ਟਰ, ਪੱਛਮੀ ਬੰਗਾਲ, ਓਡੀਸ਼ਾ, ਸਿੱਕਮ, ਅਸਾਮ, ਤ੍ਰਿਪੁਰਾ, ਮੇਘਾਲਿਆ ਅਤੇ ਕੇਰਲ ਸਮੇਤ ਹੋਰ ਖੇਤਰ ਵੀ ਮੀਂਹ ਨਾਲ ਪ੍ਰਭਾਵਿਤ ਹੋ ਸਕਦੇ ਹਨ।
75 ਕਿਲੋਮੀਟਰ ਤੱਕ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਨੇ ਹਵਾਵਾਂ
ਮੀਂਹ ਦੇ ਨਾਲ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਦੀ ਰਫ਼ਤਾਰ 70 ਤੋਂ 75 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਅਜਿਹੇ ਮੌਸਮ ਦੌਰਾਨ ਲੋਕਾਂ ਨੂੰ ਖੁੱਲ੍ਹੀਆਂ ਥਾਵਾਂ ਅਤੇ ਕਮਜ਼ੋਰ ਢਾਂਚਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੂਰਬੀ ਭਾਰਤ ਵਿੱਚ ਗੜੇਮਾਰੀ ਤੇ ਬਿਜਲੀ ਡਿੱਗਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੇ ਨਾਲ ਬਿਜਲੀ ਡਿੱਗਣ ਅਤੇ ਗੜੇਮਾਰੀ ਦੀ ਸਥਿਤੀ ਬਣ ਸਕਦੀ ਹੈ। ਇਸ ਕਾਰਨ ਲੋਕਾਂ ਨੂੰ ਮੌਸਮ ਵਿੱਚ ਅਚਾਨਕ ਤਬਦੀਲੀ ਦੌਰਾਨ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਪਹਾੜੀ ਇਲਾਕਿਆਂ ਅਤੇ ਕਿਸਾਨਾਂ ਨੂੰ ਖ਼ਾਸ ਸਾਵਧਾਨੀ ਦੀ ਸਲਾਹ
ਲਗਾਤਾਰ ਮੀਂਹ ਦੇ ਮੱਦੇਨਜ਼ਰ ਪਹਾੜੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਕਿਸਾਨਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਬਿਨਾਂ ਜ਼ਰੂਰਤ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

