ਚੰਡੀਗੜ੍ਹ :- 79ਵੇਂ ਸੁਤੰਤਰਤਾ ਦਿਵਸ ਦੇ ਸਮਾਗਮਾਂ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਪੰਜਾਬ ਪੁਲਿਸ ਨੇ ਪੂਰੇ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਇਸ ਸਬੰਧੀ ਡੀਜੀਪੀ ਪੰਜਾਬ ਵੱਲੋਂ ਸਾਰੇ ਪੁਲਿਸ ਕਮਿਸ਼ਨਰਾਂ, ਰੇਂਜ ਆਈਜੀ, ਡੀਆਈਜੀ ਅਤੇ ਐੱਸਐੱਸਪੀਜ਼ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਲਈ ਕਿਹਾ ਗਿਆ ਹੈ।
ਸਮਾਗਮ ਸਥਾਨਾਂ ‘ਤੇ ਰਹੇਗੀ ਬਹੁ-ਪੱਧਰੀ ਸੁਰੱਖਿਆ
ਡੀਜੀਪੀ ਨੇ ਕਿਹਾ ਕਿ 15 ਅਗਸਤ ਮੌਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੁੱਖ ਮੰਤਰੀ, ਮੰਤਰੀ, ਵਿਧਾਇਕਾਂ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਲਈ ਹਰ ਸਮਾਗਮ ਸਥਾਨ ‘ਤੇ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਕਿਸੇ ਵੀ ਸੁਰੱਖਿਆ ਖਾਮੀ ਦੀ ਗੁੰਜਾਇਸ਼ ਨਾ ਛੱਡੀ ਜਾਵੇ।
ਸੂਬੇ ਭਰ ਵਿੱਚ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼
ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਾਧੂ ਪੁਲਿਸ ਬਲ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਐੱਸਐੱਸਪੀਜ਼ ਨੂੰ ਰੋਜ਼ਾਨਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਕੇ ਹਰ ਇਨਪੁੱਟ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਸਰਹੱਦੀ ਇਲਾਕਿਆਂ ਅਤੇ ਆਵਾਜਾਈ ਮਾਰਗਾਂ ‘ਤੇ ਖ਼ਾਸ ਨਿਗਰਾਨੀ
ਪੁਲਿਸ ਮੁਖੀ ਨੇ ਸਰਹੱਦੀ ਖੇਤਰਾਂ ਵਿੱਚ ਗਸ਼ਤ ਵਧਾਉਣ, ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ‘ਤੇ ਸਖ਼ਤ ਨਿਗਰਾਨੀ ਰੱਖਣ ਅਤੇ ਖੁਫੀਆ ਤੰਤਰ ਨੂੰ ਪੂਰੀ ਤਰ੍ਹਾਂ ਸਰਗਰਮ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਸਾਰੀਆਂ ਪੁਲਿਸ ਇਕਾਈਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਨਾਕੇਬੰਦੀ, ਵਾਹਨ ਚੈਕਿੰਗ ਅਤੇ ਡਾਗ ਸਕੁਐਡ ਵੀ ਅਲਰਟ
ਹਦਾਇਤਾਂ ਤੋਂ ਬਾਅਦ ਪੰਜਾਬ ਭਰ ਵਿੱਚ ਨਾਕੇਬੰਦੀ ਅਤੇ ਵਾਹਨਾਂ ਦੀ ਚੈਕਿੰਗ ਹੋਰ ਤੇਜ਼ ਕਰ ਦਿੱਤੀ ਗਈ ਹੈ। ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਭੀੜ ਵਾਲੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੰਬ ਨਕਾਰਾ ਦਸਤੇ, ਡਾਗ ਸਕੁਐਡ, ਕੁਇੱਕ ਰਿਸਪਾਂਸ ਟੀਮਾਂ ਅਤੇ ਹਥਿਆਰਬੰਦ ਪੁਲਿਸ ਫੋਰਸ ਨੂੰ ਵੀ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

