ਚੰਡੀਗੜ੍ਹ :- ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਨਿਯਮਤ ਜ਼ਮਾਨਤ ਅਰਜ਼ੀ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 26 ਜੂਨ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਕੋਈ ਅੰਤਰਿਮ ਰਾਹਤ ਨਾ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਲਈ ਨਿਰਧਾਰਤ ਕੀਤੀ ਸੀ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।
ਸੁਪਰੀਮ ਕੋਰਟ ਤੋਂ ਮਿਲੀ ਛੋਟ ਦੇ ਆਧਾਰ ‘ਤੇ ਮੁੜ ਕੀਤੀ ਅਰਜ਼ੀ
ਇਸ ਤੋਂ ਪਹਿਲਾਂ ਭੁੱਲਰ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਵੱਲੋਂ ਰੱਦ ਕੀਤੀ ਜਾ ਚੁੱਕੀ ਸੀ। ਬਾਅਦ ਵਿੱਚ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਪਰ 10 ਅਪ੍ਰੈਲ ਨੂੰ ਉੱਥੋਂ ਵੀ ਰਾਹਤ ਨਹੀਂ ਮਿਲੀ। ਹਾਲਾਂਕਿ, ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਇਹ ਛੋਟ ਦਿੱਤੀ ਸੀ ਕਿ ਜੇ ਦੋ ਮਹੀਨਿਆਂ ਦੇ ਅੰਦਰ ਟ੍ਰਾਇਲ ਦੀ ਕਾਰਵਾਈ ਸ਼ੁਰੂ ਨਾ ਹੋਵੇ ਤਾਂ ਉਹ ਮੁੜ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ ਦੇ ਸਕਦੇ ਹਨ। ਇਸੇ ਕਾਨੂੰਨੀ ਛੋਟ ਦੇ ਆਧਾਰ ‘ਤੇ ਭੁੱਲਰ ਨੇ ਦੁਬਾਰਾ ਹਾਈਕੋਰਟ ਵਿੱਚ ਨਿਯਮਤ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਹੈ।
ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਹੋਈ ਸੀ ਗ੍ਰਿਫ਼ਤਾਰੀ
ਸੀਬੀਆਈ ਨੇ ਅਕਤੂਬਰ 2025 ਵਿੱਚ ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਕੀਤੀ ਗਈ ਤਲਾਸ਼ੀ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਣ ਦੇ ਨਾਲ-ਨਾਲ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਦਾਅਵੇ ਵੀ ਸਾਹਮਣੇ ਆਏ ਸਨ। ਹੁਣ ਹਾਈਕੋਰਟ ਦੀ ਅੱਜ ਹੋਣ ਵਾਲੀ ਸੁਣਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

