ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਬੈਠਕ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਚ ਦੁਪਹਿਰ 12 ਵਜੇ ਹੋਵੇਗੀ। ਜਾਣਕਾਰੀ ਮੁਤਾਬਕ, ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਵੇਗੀ ਤੇ ਕੁਝ ਵੱਡੇ ਫ਼ੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ।
ਵਿਧਾਨ ਸਭਾ ਸੈਸ਼ਨ ਨੂੰ ਮਿਲ ਸਕਦੀ ਹੈ ਮਨਜ਼ੂਰੀ
ਸਰੋਤਾਂ ਅਨੁਸਾਰ, ਇਸ ਬੈਠਕ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਯਾਦ ਰਹੇ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਆਏ ਹੜ੍ਹਾਂ ਦੇ ਮਸਲੇ ਤੇ ਹੋਰ ਮੁੱਦਿਆਂ ਲਈ 26 ਤੋਂ 29 ਸਤੰਬਰ ਤਕ ਸੈਸ਼ਨ ਸੱਦਣ ਦੀ ਤਿਆਰੀ ਕੀਤੀ ਗਈ ਹੈ। ਇਸ ਸੈਸ਼ਨ ਦੌਰਾਨ “ਜਿਸ ਦਾ ਖੇਤ, ਉਸ ਦੀ ਰੇਤ” ਸਬੰਧੀ ਐਕਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਹੋਰ ਮਹੱਤਵਪੂਰਨ ਫ਼ੈਸਲੇ ਵੀ ਹੋਣ ਦੀ ਚਰਚਾ ਹੈ। ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਹ ਕੈਬਨਿਟ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।