ਚੰਡੀਗੜ੍ਹ :- ਪੰਜਾਬ ਸਰਕਾਰ ਦੀ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਕਈ ਪੱਖੋਂ ਅਹਿਮ ਮੰਨੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਇਹ ਬੈਠਕ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਮੀਟਿੰਗ ਦੌਰਾਨ ਆਉਣ ਵਾਲੇ ਮੌਨਸੂਨ ਇਜਲਾਸ ਦੀ ਤਿਆਰੀ, ਰਾਜ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਲੋਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਾਲੀਆ ਰਾਜਨੀਤਿਕ ਅਤੇ ਧਾਰਮਿਕ ਘਟਨਾਕ੍ਰਮ ਨਾਲ ਜੁੜੇ ਕੁਝ ਸੰਵੇਦਨਸ਼ੀਲ ਮਸਲੇ ਵੀ ਵਿਚਾਰ ਅਧੀਨ ਆ ਸਕਦੇ ਹਨ।
ਬੇਅਦਬੀ ਕਾਨੂੰਨ ਸਬੰਧੀ ਸੋਧਾਂ ‘ਤੇ ਹੋ ਸਕਦੀ ਹੈ ਚਰਚਾ
ਕੈਬਨਿਟ ਮੀਟਿੰਗ ਵਿੱਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਵੀ ਵਿਚਾਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਦੇ ਸਿੱਖ ਮੰਤਰੀਆਂ, ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰੀ ਸੀ। ਉਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਾਨੂੰਨ ਦੇ ਕੁਝ ਪ੍ਰਬੰਧਾਂ ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਸਬੰਧੀ ਕੁਝ ਇਤਰਾਜ਼ ਅਤੇ ਸੁਝਾਅ ਸਾਹਮਣੇ ਆਏ ਸਨ। ਇਸ ਤੋਂ ਬਾਅਦ ਵਿਧਾਇਕਾਂ ਨੇ ਲੋੜ ਪੈਣ ‘ਤੇ ਸੋਧਾਂ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਕਾਰਨ ਅੱਜ ਦੀ ਮੀਟਿੰਗ ਵਿੱਚ ਇਹ ਮਾਮਲਾ ਅਹਿਮ ਰਹਿ ਸਕਦਾ ਹੈ।
ਸਰਕਾਰ ਤੱਕ ਪਹੁੰਚਣਗੇ ਅਕਾਲ ਤਖ਼ਤ ਸਾਹਿਬ ਦੇ ਸੁਝਾਅ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਨਾਲ ਹੋਈ ਮੁਲਾਕਾਤ ਨੂੰ ਉਸਾਰੂ ਕਰਾਰ ਦਿੰਦਿਆਂ ਕਿਹਾ ਸੀ ਕਿ ਕਈ ਮਹੱਤਵਪੂਰਨ ਸੁਝਾਅ ਪ੍ਰਾਪਤ ਹੋਏ ਹਨ, ਜਿਨ੍ਹਾਂ ‘ਤੇ ਸਰਕਾਰ ਗੰਭੀਰਤਾ ਨਾਲ ਵਿਚਾਰ ਕਰੇਗੀ। ਉੱਥੇ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਸੋਧਾਂ ਵਿਧਾਨ ਸਭਾ ਦੇ ਸਪੀਕਰ ਰਾਹੀਂ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ, ਤਾਂ ਜੋ ਉਨ੍ਹਾਂ ‘ਤੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ ‘ਤੇ ਫ਼ੈਸਲਾ ਲਿਆ ਜਾ ਸਕੇ।
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਪ੍ਰਗਤੀ ਵੀ ਰਹੇਗੀ ਏਜੰਡੇ ‘ਤੇ
ਅੱਜ ਤੋਂ ਸ਼ੁਰੂ ਹੋ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵੀ ਕੈਬਨਿਟ ਦੀ ਚਰਚਾ ਦਾ ਅਹਿਮ ਵਿਸ਼ਾ ਬਣ ਸਕਦੀ ਹੈ। ਇਸ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਪੰਦਰਾਂ ਸੌ ਰੁਪਏ ਸਿੱਧੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਸਰਕਾਰ ਵੱਲੋਂ ਇਸ ਯੋਜਨਾ ਲਈ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਅਤੇ ਸ਼ੁਰੂਆਤੀ ਕਿਸ਼ਤ ਲਈ ਲੋੜੀਂਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਕੈਬਨਿਟ ਮੀਟਿੰਗ ਦੌਰਾਨ ਯੋਜਨਾ ਦੇ ਲਾਗੂ ਕਰਨ ਦੀ ਰਫ਼ਤਾਰ ਅਤੇ ਅਗਲੇ ਪੜਾਅ ਦੀ ਰਣਨੀਤੀ ਬਾਰੇ ਵੀ ਸਮੀਖਿਆ ਕੀਤੇ ਜਾਣ ਦੀ ਉਮੀਦ ਹੈ।

