ਅੰਮ੍ਰਿਤਸਰ :- ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਚਲਦਿਆਂ ਉਝ ਦਰਿਆ ਉਫਾਨ ‘ਤੇ ਹੈ। ਇਸ ਕਾਰਨ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਵਿੱਚ ਇੱਕ ਲੱਖ ਪੰਚੀਹ ਹਜ਼ਾਰ ਕਿਊਸਕ ਪਾਣੀ ਛੱਡਿਆ ਗਿਆ ਹੈ। ਪਾਣੀ ਛੱਡੇ ਜਾਣ ਤੋਂ ਬਾਅਦ ਅਜਨਾਲਾ ਖੇਤਰ ਸਮੇਤ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਦਾ ਪੱਧਰ ਲਗਾਤਾਰ ਵਧ ਰਿਹਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਸਥਿਤੀ ਦਾ ਜਾਇਜ਼ਾ, ਨੇੜਲੇ ਪਿੰਡਾਂ ‘ਚ ਅਲਰਟ
ਅੱਜ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖੁਦ ਮੌਕੇ ‘ਤੇ ਪਹੁੰਚੀ ਅਤੇ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵੇਖਿਆ। ਉਨ੍ਹਾਂ ਕਿਹਾ ਕਿ ਸਥਿਤੀ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਦਰਿਆ ਨਾਲ ਲੱਗਦੇ ਕੁਝ ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਦਰਿਆ ਨੇੜੇ ਨਾ ਜਾਣ।
ਹੜ੍ਹ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰ, ਟੀਮਾਂ ਤੈਨਾਤ
ਡੀ.ਸੀ. ਸਾਹਨੀ ਨੇ ਦੱਸਿਆ ਕਿ ਹਾਲਾਂਕਿ ਅਜੇ ਤੱਕ ਕੋਈ ਖ਼ਤਰੇ ਵਾਲੀ ਸਥਿਤੀ ਨਹੀਂ ਬਣੀ, ਪਰ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ। ਇਸ ਲਈ ਪਿੰਡਾਂ ਵਿੱਚ ਰਾਹਤ ਅਤੇ ਬਚਾਵ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇ ਹੜ੍ਹ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਕੀਤੇ ਜਾ ਚੁੱਕੇ ਹਨ।
ਕਿਸਾਨਾਂ ਲਈ ਖ਼ਾਸ ਹਦਾਇਤ: ਰਾਵੀ ਕੰਢੇ ਨਾ ਕਰਨ ਖੇਤੀ
ਡਿਪਟੀ ਕਮਿਸ਼ਨਰ ਨੇ ਖਾਸ ਕਰਕੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਉਹ ਰਾਵੀ ਦਰਿਆ ਦੇ ਕੰਢੇ ਖੇਤੀ ਕਰਨ ਨਾ ਜਾਣ। ਇਹ ਉਨ੍ਹਾਂ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਸਾਕਸ਼ੀ ਸਾਹਨੀ ਨੇ ਇਹ ਵੀ ਸਪਸ਼ਟ ਕੀਤਾ ਕਿ ਬਿਆਸ ਦਰਿਆ ਵਿੱਚ ਫਿਲਹਾਲ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ।