ਜਲੰਧਰ :- ਜਲੰਧਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਕੁਝ ਨਾਮੀ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਮਿਲਣ ਦੀ ਖ਼ਬਰ ਸਾਹਮਣੇ ਆਈ। ਮਿਲੀ ਜਾਣਕਾਰੀ ਅਨੁਸਾਰ ਐਪੀਜੈ ਸਕੂਲ ਅਤੇ ਡੀਪੀਐਸ ਸਮੇਤ ਕੁਝ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਵਿੱਚ ਸਕੂਲਾਂ ਲਈ 1:11 ਵਜੇ ਦਾ ਸਮਾਂ ਦਰਸਾਇਆ ਗਿਆ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਪੰਜਾਬ ਵਿਧਾਨ ਸਭਾ ਅਤੇ ਰੇਲਗੱਡੀ ਬਾਰੇ ਵੀ ਜ਼ਿਕਰ
ਧਮਕੀ ਭਰੇ ਸੁਨੇਹੇ ਵਿੱਚ ਪੰਜਾਬ ਵਿਧਾਨ ਸਭਾ ਲਈ 2:11 ਵਜੇ ਦਾ ਸਮਾਂ ਦਰਸਾਉਣ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਦਿੱਲੀ ਜਾਣ ਵਾਲੀ ਇੱਕ ਰੇਲਗੱਡੀ ਦਾ ਵੀ ਉਲਲੇਖ ਕੀਤਾ ਗਿਆ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ
ਈ-ਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਜ਼ਿਕਰ ਕਰਦੇ ਹੋਏ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਨਾਲ ਹੀ ਸੁਨੇਹੇ ਵਿੱਚ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਬਾਰੇ ਵੀ ਅਪਮਾਨਜਨਕ ਗੱਲਾਂ ਲਿਖੀਆਂ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਸੁਨੇਹੇ ਵਿੱਚ ਪੰਜਾਬ ਨੂੰ ਭਾਰਤ ਤੋਂ ਅਲੱਗ ਕਰਨ ਨਾਲ ਸੰਬੰਧਿਤ ਗੱਲਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕੀਤੀ
ਧਮਕੀ ਭਰੀ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਸਚੇਤ ਹੋ ਗਏ ਹਨ। ਸੁਰੱਖਿਆ ਏਜੰਸੀਆਂ ਵੱਲੋਂ ਈ-ਮੇਲ ਭੇਜਣ ਵਾਲੇ ਦੀ ਪਹਿਚਾਣ ਕਰਨ ਲਈ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਕੂਲਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ।

