ਅੰਮ੍ਰਿਤਸਰ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤੋਂ ਦੋ ਦਿਨਾਂ ਦੇ ਦੌਰੇ ‘ਤੇ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਪੁੱਜ ਰਹੇ ਹਨ। ਇਹ ਦੌਰਾ 14 ਅਤੇ 15 ਦਸੰਬਰ ਨੂੰ ਨਿਧਾਰਤ ਕੀਤਾ ਗਿਆ ਹੈ, ਜਿਸ ਦੌਰਾਨ ਉਹ ਵੱਖ-ਵੱਖ ਧਾਰਮਿਕ ਅਤੇ ਸੰਗਤੀ ਕਾਰਜਕ੍ਰਮਾਂ ਵਿੱਚ ਸ਼ਮੂਲੀਅਤ ਕਰਨਗੇ।
ਅੱਜ ਗੁਵਾਹਟੀ ਹਵਾਈ ਅੱਡੇ ‘ਤੇ ਪਹੁੰਚਣ ਮੌਕੇ ਅਸਾਮ ਅਤੇ ਮੇਘਾਲਿਆ ਦੀ ਸਿੱਖ ਸੰਗਤ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨਪੂਰਵਕ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ‘ਚ ਸ਼ਮੂਲੀਅਤ
ਦੌਰੇ ਦੇ ਪਹਿਲੇ ਦਿਨ, 14 ਦਸੰਬਰ ਨੂੰ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ, ਸ਼ਿਲੌਂਗ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਸਮਾਗਮ ਦੌਰਾਨ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ।
ਸਥਾਨਕ ਸਿੱਖਾਂ ਨਾਲ ਮੁਲਾਕਾਤ, ਸਮੱਸਿਆਵਾਂ ‘ਤੇ ਚਰਚਾ
ਦੌਰੇ ਦੇ ਦੂਜੇ ਦਿਨ, 15 ਦਸੰਬਰ ਨੂੰ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਿਲੌਂਗ ਦੀ ਪੰਜਾਬੀ ਲੇਨ ਵਿੱਚ ਵੱਸਦੇ ਸਥਾਨਕ ਸਿੱਖ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਸੰਗਤ ਦੀਆਂ ਧਾਰਮਿਕ, ਸਮਾਜਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰਨਗੇ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮਾਂ ‘ਤੇ ਵਿਚਾਰ ਕੀਤਾ ਜਾਵੇਗਾ।
ਇਹ ਦੌਰਾ ਉੱਤਰੀ-ਪੂਰਬੀ ਰਾਜਾਂ ਵਿੱਚ ਵੱਸਦੀ ਸਿੱਖ ਸੰਗਤ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਗੁਰੂ ਸਾਹਿਬਾਨ ਦੀ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

