ਚੰਡੀਗੜ੍ਹ :- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ’ਤੇ ਈਡੀ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬੰਗਾਲ ਚੋਣਾਂ ਖਤਮ ਹੋਣ ਦੇ ਤੁਰੰਤ ਬਾਅਦ ਪੰਜਾਬ ਵਿੱਚ ਈਡੀ ਦੀਆਂ ਕਾਰਵਾਈਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
‘ਈਡੀ ਦਾ ਇਸਤੇਮਾਲ ਸਿਆਸੀ ਦਬਾਅ ਲਈ ਕੀਤਾ ਜਾ ਰਿਹਾ’
ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਪਾਣੀਆਂ, ਪੰਜਾਬ ਯੂਨੀਵਰਸਿਟੀ ਅਤੇ ਪੇਂਡੂ ਵਿਕਾਸ ਫੰਡਾਂ ਨੂੰ ਲੈ ਕੇ ਵੀ ਕੇਂਦਰ ਨੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਹੁਣ ਈਡੀ ਦੀਆਂ ਕਾਰਵਾਈਆਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਅਸ਼ੋਕ ਮਿੱਤਲ ਦੇ ਘਰ ਛਾਪੇਮਾਰੀ ਹੋਈ ਅਤੇ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਸਾਫ਼ ਹੁੰਦਾ ਹੈ ਕਿ ਇਨ੍ਹਾਂ ਕਾਰਵਾਈਆਂ ਦਾ ਮਕਸਦ ਗਲਤ ਧਨ ਲੱਭਣਾ ਨਹੀਂ, ਸਗੋਂ ਸਿਆਸੀ ਦਬਾਅ ਬਣਾਉਣਾ ਹੈ।
‘ਸੰਜੀਵ ਅਰੋੜਾ ਨੇ ਭਾਜਪਾ ਨਹੀਂ ਜੁਆਇਨ ਕੀਤੀ, ਇਸ ਲਈ ਦੁਬਾਰਾ ਰੇਡ’
ਆਪ ਆਗੂ ਨੇ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਵੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਗਿਆ ਸੀ ਅਤੇ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ ਤਾਂ ਦੁਬਾਰਾ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ।
ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦਾ ਦਿੱਤਾ ਹਵਾਲਾ
ਕੇਜਰੀਵਾਲ ਨੇ ਆਪਣੇ ਬਿਆਨ ਦੌਰਾਨ ਪੰਜਾਬ ਦੇ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਵੀ ਪੰਜਾਬ ਨੇ ਜ਼ੁਲਮ ਦੇ ਖਿਲਾਫ਼ ਡੱਟ ਕੇ ਮੁਕਾਬਲਾ ਕੀਤਾ ਸੀ ਅਤੇ ਅੱਜ ਵੀ ਪੰਜਾਬ ਕਿਸੇ ਵੀ ਦਬਾਅ ਅੱਗੇ ਨਹੀਂ ਝੁਕੇਗਾ।
ਕਿਸਾਨ ਅੰਦੋਲਨ ਦਾ ਵੀ ਕੀਤਾ ਜ਼ਿਕਰ
ਉਨ੍ਹਾਂ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਲੋਕਾਂ ਅੱਗੇ ਝੁਕਣਾ ਪਿਆ ਸੀ ਅਤੇ ਹੁਣ ਵੀ ਪੰਜਾਬ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗਾ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਕੱਠੇ ਹੋ ਕੇ ਹਰ ਤਰ੍ਹਾਂ ਦੇ ਸਿਆਸੀ ਦਬਾਅ ਦਾ ਸਾਹਮਣਾ ਕਰਨਗੇ।

