ਚੰਡੀਗੜ੍ਹ :- ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਪੜਾਅ 5 ਸਤੰਬਰ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਬਠਿੰਡਾ ਤੋਂ ਹੋਵੇਗੀ, ਜਦਕਿ 29 ਨਵੰਬਰ ਨੂੰ ਪਟਿਆਲਾ ਵਿੱਚ ਇਸ ਪੜਾਅ ਦੀ ਸਮਾਪਤੀ ਹੋਵੇਗੀ। ਸਰਕਾਰ ਨੂੰ ਇਸ ਵਾਰ ਕਰੀਬ 10 ਲੱਖ ਖਿਡਾਰੀਆਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਉਮੀਦ ਹੈ।
ਪਿੰਡਾਂ ਤੇ ਕਸਬਿਆਂ ਦੀ ਖੇਡ ਪ੍ਰਤਿਭਾ ਨੂੰ ਮਿਲੇਗਾ ਮੌਕਾ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਅਤੇ ਕਸਬਿਆਂ ਵਿੱਚ ਮੌਜੂਦ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣਾ ਹੈ। ਉੱਭਰਦੇ ਖਿਡਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।
38 ਖੇਡ ਵੰਨਗੀਆਂ ’ਚ ਹੋਣਗੇ ਮੁਕਾਬਲੇ
ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਪਹਿਲੀ ਵਾਰ ਟੈਨਿਸ ਬਾਲ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ ਖੇਡਾਂ ਨੂੰ ਵੀ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਰੱਖਿਆ ਗਿਆ ਹੈ।
14 ਸਾਲ ਤੋਂ 70 ਸਾਲ ਤੋਂ ਵੱਧ ਉਮਰ ਤੱਕ ਹਿੱਸਾ ਲੈਣ ਦਾ ਮੌਕਾ
ਮੁਕਾਬਲਿਆਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਹਿੱਸਾ ਲੈ ਸਕਣਗੇ। ਖਿਡਾਰੀਆਂ ਨੂੰ ਨੌਂ ਵੱਖ-ਵੱਖ ਉਮਰ ਵਰਗਾਂ ਵਿੱਚ ਵੰਡਿਆ ਜਾਵੇਗਾ। ਮੁਕਾਬਲੇ ਪਹਿਲਾਂ ਬਲਾਕ, ਫਿਰ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਏ ਜਾਣਗੇ।
ਤਮਗਾ ਜੇਤੂਆਂ ਨੂੰ ਮਿਲਣਗੇ ਨਕਦ ਇਨਾਮ
ਮੁੱਖ ਮੰਤਰੀ ਅਨੁਸਾਰ ਇਸ ਵਾਰ ਖਿਡਾਰੀਆਂ ਲਈ ਕੋਡ-ਆਧਾਰਿਤ ਮੁਫ਼ਤ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਸੂਬਾ ਪੱਧਰ ’ਤੇ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜੇਤੂ ਨੂੰ 7 ਹਜ਼ਾਰ ਰੁਪਏ ਅਤੇ ਕਾਂਸੀ ਦਾ ਤਮਗਾ ਹਾਸਲ ਕਰਨ ਵਾਲੇ ਖਿਡਾਰੀ ਨੂੰ 5 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

