ਅੰਮ੍ਰਿਤਸਰ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਸਰਕਾਰ ਵੱਲੋਂ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਜਾ ਰਹੀ ਸੀ ਤਾਂ ਅਚਾਨਕ ਪੁਲਿਸ ਕਾਰਵਾਈ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਇਸ ਨੂੰ ਨਿਆਂਸੰਗਤ ਕਾਰਵਾਈ ਨਾ ਦੱਸਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਜ਼ਖ਼ਮੀਆਂ ਦਾ ਹਾਲ ਜਾਣਿਆ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਝੀਂਡਾ ਤੋਂ ਇਲਾਵਾ ਜ਼ਖ਼ਮੀ ਸਿੱਖ ਸੰਗਤ ਅਤੇ ਹੋਰ ਵਿਅਕਤੀਆਂ ਦੀ ਸਿਹਤ ਬਾਰੇ ਜਾਣਕਾਰੀ ਲਈ। ਇਸ ਘਟਨਾ ਵਿੱਚ ਕਮੇਟੀ ਦੇ ਕਈ ਮੈਂਬਰਾਂ ਤੇ ਮੁਲਾਜ਼ਮਾਂ ਤੋਂ ਇਲਾਵਾ ਸਿੱਖ ਸੰਗਤ ਅਤੇ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆਈ ਹੈ।
ਗੱਲਬਾਤ ਦੌਰਾਨ ਬਲ ਦੀ ਵਰਤੋਂ ’ਤੇ ਚੁੱਕੇ ਸਵਾਲ
ਜਥੇਦਾਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਮੇਂ ਸਿਰ ਸੂਝਬੂਝ ਨਾਲ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਤਾਂ ਟਕਰਾਅ ਵਾਲੀ ਸਥਿਤੀ ਪੈਦਾ ਨਾ ਹੁੰਦੀ। ਉਨ੍ਹਾਂ ਕਿਹਾ ਕਿ ਗੱਲਬਾਤ ਚੱਲ ਰਹੀ ਹੋਣ ਦੇ ਬਾਵਜੂਦ ਅਚਾਨਕ ਸਿੱਖ ਸੰਗਤ ’ਤੇ ਬਲ ਦੀ ਵਰਤੋਂ ਕੀਤੇ ਜਾਣ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ।
ਧਰਨੇ ’ਚ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਦੀ ਸੰਭਾਵਨਾ ਦੀ ਜਾਂਚ ਦੀ ਮੰਗ
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੀ ਸਵਾਲ ਉਠਾਇਆ ਕਿ ਕਿਤੇ ਸ਼ਾਂਤਮਈ ਧਰਨੇ ਨੂੰ ਬਦਨਾਮ ਕਰਨ ਜਾਂ ਪੁਲਿਸ ਨੂੰ ਉਕਸਾਉਣ ਲਈ ਕਿਸੇ ਸਾਜ਼ਿਸ਼ ਤਹਿਤ ਸ਼ਰਾਰਤੀ ਅਨਸਰਾਂ ਨੂੰ ਧਰਨੇ ਵਿੱਚ ਸ਼ਾਮਲ ਤਾਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪਹਿਲੂ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਪੰਜੋਖਰਾ ਸਾਹਿਬ ਘਟਨਾ ਦਾ ਹਵਾਲਾ
ਜਥੇਦਾਰ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਵੱਲੋਂ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ’ਤੇ ਗੱਡੀ ਚੜ੍ਹਾਉਣ ਦੇ ਮਾਮਲੇ ਵਿੱਚ ਸਮੇਂ ਸਿਰ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਤਾਂ ਮੌਜੂਦਾ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਸਰਕਾਰਾਂ ਵੱਲੋਂ ਅਜਿਹੇ ਤੱਤਾਂ ਦੀ ਕਥਿਤ ਪੁਸ਼ਤਪਨਾਹੀ ’ਤੇ ਵੀ ਚਿੰਤਾ ਪ੍ਰਗਟਾਈ, ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਕਰਦੇ ਹਨ।
ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਸਰਕਾਰ ਨੂੰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ਨੂੰ ਗੱਡੀ ਨਾਲ ਫੱਟੜ ਕਰਨ ਦੇ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਅਪੀਲ
ਜਥੇਦਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸੂਬੇ ਦੇ ਸਿੱਖ ਆਗੂਆਂ ਨਾਲ ਸੰਵਾਦ ਰਾਹੀਂ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਵਾਲਾ ਮਾਹੌਲ ਬਣਾਉਣ ਦੀ ਬਜਾਏ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸ਼ਾਂਤੀਪੂਰਨ ਢੰਗ ਨਾਲ ਇਸ ਮਾਮਲੇ ਨੂੰ ਨਿਪਟਾਉਣ ਵੱਲ ਕਦਮ ਚੁੱਕਣੇ ਚਾਹੀਦੇ ਹਨ।

