ਅੰਮ੍ਰਿਤਸਰ :- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਧਾਰਮਿਕ ਭਾਵਨਾਵਾਂ ਨਾਲ ਖਿਲਵਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਰੋਪ ਲਗਾਇਆ ਕਿ ਭਾਜਪਾ ਵੱਲੋਂ ਪਹਿਲਾਂ ਹੀ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਹੁਣ ਗੁਰੂ ਸਾਹਿਬਾਨਾਂ ਨੂੰ ਵੀ ਸਿਆਸੀ ਵਿਵਾਦਾਂ ਵਿੱਚ ਘਸੀਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਪ ਸਰਕਾਰ ਗੁਰੂਆਂ ਅੱਗੇ ਸਦਾ ਨਿਵਾਂਦੀ ਆਈ ਸਿਰ
ਧਾਲੀਵਾਲ ਨੇ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਹਮੇਸ਼ਾਂ ਦਸਾਂ ਗੁਰੂਆਂ ਅੱਗੇ ਸਿਰ ਨਿਵਾਂਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਗੁਰੂ ਪਰੰਪਰਾ ਤੇ ਸਨਮਾਨ ਨੂੰ ਪਹਿਲ ਦਿੱਤੀ ਜਾਵੇਗੀ।
ਗਲਤ ਵੀਡੀਓ ਸ਼ੇਅਰ ਕਰਨਾ ਗੰਭੀਰ ਗਲਤੀ
ਉਨ੍ਹਾਂ ਅਕਾਲੀ ਦਲ, ਕਾਂਗਰਸ ਅਤੇ ਹੋਰ ਸਿਆਸੀ ਨੇਤਾਵਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਿਨਾਂ ਤਸਦੀਕ ਕੀਤੀ ਗਲਤ ਅਤੇ ਤੋੜਮਰੋੜ ਕੀਤੀ ਵੀਡੀਓ ਨੂੰ ਸ਼ੇਅਰ ਕਰਨਾ ਬਹੁਤ ਹੀ ਗੰਭੀਰ ਮਾਮਲਾ ਹੈ, ਜੋ ਸਮਾਜ ਵਿੱਚ ਤਣਾਅ ਪੈਦਾ ਕਰ ਸਕਦਾ ਹੈ।
ਕਾਨੂੰਨ ਸਭ ਲਈ ਬਰਾਬਰ ਹੋਵੇ
ਧਾਲੀਵਾਲ ਨੇ ਮੰਗ ਕੀਤੀ ਕਿ ਜਿਨ੍ਹਾਂ ਵੀ ਵਿਅਕਤੀਆਂ ਜਾਂ ਗਰੁੱਪਾਂ ਵੱਲੋਂ ਇਸ ਤਰ੍ਹਾਂ ਦੀ ਵੀਡੀਓ ਨੂੰ ਵਾਇਰਲ ਕੀਤਾ ਗਿਆ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਕਾਨੂੰਨ ਸਭ ਲਈ ਇਕੋ ਜਿਹਾ ਹੈ ਅਤੇ ਕਿਸੇ ਨੂੰ ਵੀ ਇਸ ਤੋਂ ਉਪਰ ਨਹੀਂ ਰੱਖਿਆ ਜਾ ਸਕਦਾ।

