ਲੁਧਿਆਣਾ :- ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਵਿੱਚ ਅੱਜ ਦੁਪਹਿਰ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਇੱਕ ਧਿਰ ਵੱਲੋਂ ਦੂਜੀ ਧਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਲਗਾਏ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ। ਇਸ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਰੰਜਿਸ਼ ਦਾ ਦੋਸ਼
ਨਿਤਿਨ ਨੇ ਦੱਸਿਆ ਕਿ ਉਸ ਵੱਲੋਂ ਦੂਜੀ ਧਿਰ ਦੇ ਕੁਝ ਵਿਅਕਤੀਆਂ ਖ਼ਿਲਾਫ਼ ਨਸ਼ਾ ਤਸਕਰੀ ਸਬੰਧੀ ਪੁਲਸ ਕੋਲ ਸ਼ਿਕਾਇਤ ਦਿੱਤੀ ਗਈ ਸੀ। ਉਸ ਦਾ ਦੋਸ਼ ਹੈ ਕਿ ਇਸੇ ਗੱਲ ਨੂੰ ਲੈ ਕੇ ਰੰਜਿਸ਼ ਰੱਖਣ ਵਾਲੇ ਵਿਅਕਤੀਆਂ ਨੇ ਅੱਜ ਉਨ੍ਹਾਂ ਨਾਲ ਝਗੜਾ ਕੀਤਾ ਅਤੇ ਹਮਲਾ ਕਰ ਦਿੱਤਾ।
ਸੀਸੀਟੀਵੀ ਵਿੱਚ ਗੇਟ ’ਤੇ ਹਮਲਾ ਕਰਦੇ ਦਿਖੇ ਕੁਝ ਨੌਜਵਾਨ
ਸਾਹਮਣੇ ਆਈ ਫੁਟੇਜ ਵਿੱਚ ਕੁਝ ਨੌਜਵਾਨ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਇੱਕ ਘਰ ਵੱਲ ਆਉਂਦੇ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਉਹ ਘਰ ਦੇ ਗੇਟ ’ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਹੋਈ ਝੜਪ ਵਿੱਚ ਕੁਝ ਔਰਤਾਂ ਦੇ ਵੀ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਪੁਲਸ ਨੇ ਸ਼ੁਰੂ ਕੀਤੀ ਜਾਂਚ, ਨਸ਼ਾ ਤਸਕਰੀ ਦੀ ਗੱਲ ਦੀ ਵੀ ਹੋਵੇਗੀ ਪੜਤਾਲ
ਥਾਣਾ ਜਮਾਲਪੁਰ ਦੇ ਏਐਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਮਿਲ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਗੱਲ ਫਿਲਹਾਲ ਪੁਲਸ ਦੀ ਜਾਂਚ ਵਿੱਚ ਸਾਹਮਣੇ ਨਹੀਂ ਆਈ। ਪੁਲਸ ਵੱਲੋਂ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ।

