ਲੁਧਿਆਣਾ :- ਸੁਤੰਤਰਤਾ ਦਿਵਸ ਮੌਕੇ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਐਥਲੈਟਿਕਸ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਤਿਰੰਗਾ ਲਹਿਰਾਇਆ। ਸਮਾਗਮ ਦੌਰਾਨ ਦੇਸ਼ ਭਗਤੀ ਦਾ ਮਾਹੌਲ ਬਣਿਆ ਰਿਹਾ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।
ਸਵੇਰੇ 9 ਵਜੇ ਸ਼ੁਰੂ ਹੋਇਆ ਸਮਾਗਮ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਸਵੇਰੇ 9 ਵਜੇ ਸ਼ੁਰੂ ਹੋਇਆ। ਝੰਡਾ ਲਹਿਰਾਉਣ ਦੀ ਰਸਮ ਪੂਰੀ ਹੋਣ ਤੋਂ ਬਾਅਦ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਸਮਾਗਮ ਵਾਲੀ ਥਾਂ ’ਤੇ ਪਹੁੰਚੇ।
ਵਿਦਿਆਰਥੀਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਪ੍ਰੋਗਰਾਮ
ਸਮਾਗਮ ਵਿੱਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਇਨ੍ਹਾਂ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਮੌਜੂਦ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।
ਇਸ ਦੌਰਾਨ ਪੰਜਾਬ ਪੁਲਿਸ ਅਤੇ ਐੱਨ.ਸੀ.ਸੀ. ਦੀਆਂ ਟੁਕੜੀਆਂ ਨੇ ਮਾਰਚ ਪਾਸਟ ਕਰਦਿਆਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ।
ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ, ਦਿਵਿਆਂਗਾਂ ਨੂੰ ਵੰਡੀਆਂ ਟਰਾਈਸਾਈਕਲਾਂ
ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜ ਸੇਵਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਟਰਾਈਸਾਈਕਲਾਂ ਵੀ ਵੰਡੀਆਂ ਗਈਆਂ।
ਸ਼ਹਿਰ ਭਰ ’ਚ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਰੱਖੇ ਗਏ। ਪੁਲਿਸ ਵੱਲੋਂ ਸ਼ਹਿਰ ਦੇ ਪ੍ਰਵੇਸ਼ ਮਾਰਗਾਂ ਤੋਂ ਇਲਾਵਾ ਅੰਦਰੂਨੀ ਇਲਾਕਿਆਂ ਵਿੱਚ ਵੀ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।
ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ
ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਲਗਾਤਾਰ ਗਸ਼ਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਸੰਵੇਦਨਸ਼ੀਲ ਥਾਵਾਂ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉੱਚ ਪੁਲਿਸ ਅਧਿਕਾਰੀਆਂ ਵੱਲੋਂ ਸਮੁੱਚੀ ਸੁਰੱਖਿਆ ਵਿਵਸਥਾ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

