ਲੁਧਿਆਣਾ :- ਪੰਜਾਬ ਦੀ ਸਿਆਸਤ ਵਿੱਚ ਐਤਵਾਰ ਨੂੰ ਉਸ ਵੇਲੇ ਤਣਾਅ ਵਧ ਗਿਆ ਜਦੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸੜਕਾਂ ’ਤੇ ਉਤਰ ਆਏ। ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਇਲਾਕੇ ਵਿੱਚ ਹੋਏ ਪ੍ਰਦਰਸ਼ਨ ਦੌਰਾਨ ‘ਆਪ’ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚਾਲੇ ਤਿੱਖੀ ਨਾਅਰੇਬਾਜ਼ੀ ਅਤੇ ਧੱਕਾਮੁੱਕੀ ਵੀ ਹੋਈ।
ਪੁਤਲੇ ਫੂਕ ਕੇ ਕੇਂਦਰ ਖ਼ਿਲਾਫ਼ ਕੀਤਾ ਰੋਸ ਪ੍ਰਗਟ
ਪ੍ਰਦਰਸ਼ਨ ਦੌਰਾਨ ‘ਆਪ’ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਹਿਲਾ ਵਰਕਰਾਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਈਡੀ ਦੀ ਕਾਰਵਾਈ ਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ।
ਭਾਜਪਾ ਦਫ਼ਤਰ ਵੱਲ ਵਧੇ ‘ਆਪ’ ਵਰਕਰ
ਮੌਕੇ ’ਤੇ ਤਣਾਅ ਉਸ ਵੇਲੇ ਹੋਰ ਵਧ ਗਿਆ ਜਦੋਂ ‘ਆਪ’ ਵਰਕਰ ਭਾਜਪਾ ਦਫ਼ਤਰ ਵੱਲ ਮਾਰਚ ਕਰਦੇ ਹੋਏ ਘਿਰਾਓ ਕਰਨ ਪਹੁੰਚੇ। ਇਸ ਦੌਰਾਨ ਭਾਜਪਾ ਆਗੂਆਂ ਨੇ ਵੀ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਵਿਰੋਧੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਪ੍ਰਵੀਨ ਬਾਂਸਲ ਸਮੇਤ ਕਈ ਆਗੂ ਮੌਕੇ ’ਤੇ ਮੌਜੂਦ ਰਹੇ।
ਈਡੀ ਦੀ ਕਾਰਵਾਈ ਨੂੰ ਦੱਸਿਆ ਲੋਕਤੰਤਰ ’ਤੇ ਹਮਲਾ
‘ਆਪ’ ਦੇ ਸ਼ਹਿਰੀ ਪ੍ਰਧਾਨ ਅਤੇ ਯੋਜਨਾ ਤੇ ਵਿੱਤ ਕਮੇਟੀ ਦੇ ਚੇਅਰਮੈਨ ਜਤਿੰਦਰ ਖੰਗੂੜਾ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਈਡੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ ਹੈ ਅਤੇ ਇਹ ਲੋਕਤੰਤਰਿਕ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।
ਪੁਲਿਸ ਨੇ ਸੰਭਾਲਿਆ ਮੋਰਚਾ
ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲਿਸ ਨੇ ਦੋਵਾਂ ਧਿਰਾਂ ਨੂੰ ਆਮਨੇ-ਸਾਮਨੇ ਆਉਣ ਤੋਂ ਰੋਕਿਆ ਅਤੇ ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਇਲਾਕੇ ਵਿੱਚ ਸੁਰੱਖਿਆ ਵਧਾਈ ਗਈ। ‘ਆਪ’ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਿਰੋਧੀ ਧਿਰ ਖ਼ਿਲਾਫ਼ ਇਹ ਕਾਰਵਾਈਆਂ ਨਾ ਰੁਕੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

