ਲੁਧਿਆਣਾ :- ਲੁਧਿਆਣਾ ਦੇ ਸੁਤੰਤਰ ਨਗਰ ਇਲਾਕੇ ਵਿੱਚ ਇੱਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਰਜਿੰਦਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਦੋਸਤ ਦੇ ਘਰ ਜਾ ਰਿਹਾ ਸੀ, ਜਦੋਂ ਰਸਤੇ ਵਿੱਚ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ।
ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਮਗਰੋਂ ਚਲਾਈਆਂ ਗੋਲ਼ੀਆਂ
ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਪਹਿਲਾਂ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਇਸ ਤੋਂ ਬਾਅਦ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਅਰਜਿੰਦਰ ਨੂੰ ਪੰਜ ਗੋਲ਼ੀਆਂ ਲੱਗੀਆਂ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਤਿੰਨ ਸਾਥੀਆਂ ਨੇ ਭੱਜ ਕੇ ਬਚਾਈ ਜਾਨ
ਘਟਨਾ ਸਮੇਂ ਅਰਜਿੰਦਰ ਦੇ ਤਿੰਨ ਸਾਥੀ ਵੀ ਉਸ ਦੇ ਨਾਲ ਮੌਜੂਦ ਸਨ। ਹਮਲਾਵਰਾਂ ਵੱਲੋਂ ਕੀਤੇ ਹਮਲੇ ਦੌਰਾਨ ਤਿੰਨਾਂ ਨੇ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ। ਵਾਰਦਾਤ ਦਾ ਕੁਝ ਹਿੱਸਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਰਜਿੰਦਰ
ਦੱਸਿਆ ਜਾ ਰਿਹਾ ਹੈ ਕਿ ਅਰਜਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਵਾਰਦਾਤ ਦੇ ਕਾਰਨਾਂ ਨੂੰ ਲੈ ਕੇ ਹਾਲੇ ਪੁਲਿਸ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ।
ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਨ ਦੇ ਨਾਲ-ਨਾਲ ਵਾਰਦਾਤ ਨਾਲ ਜੁੜੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਹਮਲਾਵਰਾਂ ਅਤੇ ਕਤਲ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।

