ਅੰਮ੍ਰਿਤਸਰ :- ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਵਿੱਚ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਘੌਰ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਦੇ ਹੁਕਮ ਜਾਰੀ ਕਰਦਿਆਂ ਇਸ ਕੁਰੂਤ ਨੂੰ ਸਿੱਖ ਕੌਮ ਦੀ ਆਤਮਾ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
‘ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਜਾਗਤ ਜੋਤ ਗੁਰੂ ਹਨ’
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜਾਗਤ ਜੋਤ ਗੁਰੂ ਹਨ ਅਤੇ ਉਨ੍ਹਾਂ ਦੇ ਮਾਣ–ਸਤਿਕਾਰ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਹੀ ਸਿੱਖ ਪੰਥ ਦੀ ਹੋਂਦ ਕਾਇਮ ਹੈ ਅਤੇ ਇਸ ਪਵਿੱਤਰ ਸਰੂਪ ਦੀ ਰੱਖਿਆ ਹਰ ਸਿੱਖ ਦੀ ਨੈਤਿਕ ਜ਼ਿੰਮੇਵਾਰੀ ਹੈ।
ਗੁਰਦੁਆਰਾ ਸਾਹਿਬਾਂ ਵਿੱਚ ਸੁਰੱਖਿਆ ਪ੍ਰਬੰਧਾਂ ’ਤੇ ਚਿੰਤਾ
ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਂ ਅੰਦਰ ਹਰ ਵੇਲੇ ਪਹਿਰੇਦਾਰੀ, ਸੁਚੱਜਾ ਪ੍ਰਬੰਧ ਅਤੇ ਮਜ਼ਬੂਤ ਸੁਰੱਖਿਆ ਪ੍ਰਣਾਲੀ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਕਈ ਥਾਵਾਂ ’ਤੇ ਅਜੇ ਵੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਗੰਭੀਰ ਢਿੱਲ ਵੇਖੀ ਜਾ ਰਹੀ ਹੈ, ਜੋ ਚਿੰਤਾਜਨਕ ਹੈ।
ਪ੍ਰਬੰਧਕਾਂ ਦੀ ਲਾਪਰਵਾਹੀ ’ਤੇ ਵੀ ਉਠੇ ਸਵਾਲ
ਜਥੇਦਾਰ ਗੜਗੱਜ ਨੇ ਕਿਹਾ ਕਿ ਕੁਝ ਥਾਵਾਂ ’ਤੇ ਇਹ ਭਾਵਨਾ ਬਣ ਰਹੀ ਹੈ ਕਿ ਗੁਰੂ ਘਰ ਦੀ ਮਰਿਆਦਾ ਨਾਲੋਂ ਵੱਧ ਤਰਜੀਹ ਆਪਣੀ ਚੌਧਰ ਨੂੰ ਦਿੱਤੀ ਜਾ ਰਹੀ ਹੈ, ਜੋ ਸਿੱਖ ਸਿਧਾਂਤਾਂ ਦੇ ਸਰਾਸਰ ਉਲਟ ਹੈ। ਉਨ੍ਹਾਂ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਹਰ ਗੁਰਦੁਆਰਾ ਸਾਹਿਬ ਵਿੱਚ ਲਗਾਤਾਰ ਪਹਿਰੇਦਾਰੀ, ਚੱਲਦੀ ਹਾਲਤ ਵਿੱਚ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।
ਸ਼੍ਰੋਮਣੀ ਕਮੇਟੀ ਨਾਲ ਸੰਪਰਕ, ਨਿਰਪੱਖ ਜਾਂਚ ਦੇ ਨਿਰਦੇਸ਼
ਕਾਰਜਕਾਰੀ ਜਥੇਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਇਲਾਕੇ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਪੂਰੀ ਘਟਨਾ ਦੀ ਨਿਰਪੱਖ ਅਤੇ ਡੂੰਘੀ ਜਾਂਚ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਹਨ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਟੀਮ ਮੌਕੇ ਵੱਲ ਰਵਾਨਾ
ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਤੁਰੰਤ ਇੱਕ ਟੀਮ ਲੈ ਕੇ ਘਟਨਾ ਸਥਾਨ ’ਤੇ ਪਹੁੰਚਣ। ਟੀਮ ਵੱਲੋਂ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ, ਸੁਰੱਖਿਆ ਹਾਲਾਤ ਅਤੇ ਬੇਅਦਬੀ ਨਾਲ ਜੁੜੇ ਤੱਥਾਂ ਬਾਰੇ ਵਿਸਥਾਰਪੂਰਕ ਰਿਪੋਰਟ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੀ ਲੈਣਗੇ ਜਾਇਜ਼ਾ
ਜਥੇਦਾਰ ਗੜਗੱਜ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ।
ਸਰਕਾਰ ਨੂੰ ਸਾਜ਼ਿਸ਼ਘਾੜਿਆਂ ਨੂੰ ਬੇਨਕਾਬ ਕਰਨ ਦੀ ਮੰਗ
ਕਾਰਜਕਾਰੀ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਬੇਅਦਬੀ ਦੇ ਪਿੱਛੇ ਕੰਮ ਕਰ ਰਹੇ ਸਾਜ਼ਿਸ਼ਘਾੜਿਆਂ ਅਤੇ ਮੁੱਖ ਦੋਸ਼ੀਆਂ ਦੀ ਪਛਾਣ ਜਲਦ ਤੋਂ ਜਲਦ ਜਨਤਕ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਪ੍ਰਬੰਧਕਾਂ ਖ਼ਿਲਾਫ਼ ਵੀ ਹੋ ਸਕਦੀ ਹੈ ਕਾਰਵਾਈ
ਜਥੇਦਾਰ ਗੜਗੱਜ ਨੇ ਸਪਸ਼ਟ ਕੀਤਾ ਕਿ ਜੇ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸੰਬੰਧਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਬੰਧ ਪੂਰੇ ਨਹੀਂ ਸਨ, ਤਾਂ ਇਸ ਮਾਮਲੇ ਵਿੱਚ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ ਅਤੇ ਹਰ ਪਾਸੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦੇਣ ਦੀ ਮੰਗ ਉੱਠ ਰਹੀ ਹੈ।

