ਚੰਡੀਗੜ੍ਹ :- ਪੰਜਾਬ ਪੁਲਸ ਨੂੰ ਅੱਜ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਟਾਲਾ ਪੁਲਸ ਦੇ ਸਹਿਯੋਗ ਨਾਲ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਜੱਗੂ ਭਗਵਾਨਪੁਰੀਆ ਗਿਰੋਹ ਨਾਲ ਸਬੰਧਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ
ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ ਬਟਾਲਾ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਸ ਕੋਲੋਂ ਦੋ ਪਿਸਤੌਲਾਂ, ਤਿੰਨ ਮੈਗਜ਼ੀਨਾਂ ਅਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਵਿਦੇਸ਼ੀ ਹੈਂਡਲਰ ਦੇ ਸੰਪਰਕ ‘ਚ ਸੀ ਮੁਲਜ਼ਮ
ਡੀ. ਜੀ. ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗੁਰਲਵ ਸਿੰਘ ਵਿਦੇਸ਼ ਵਿਚ ਬੈਠੇ ਆਪਣੇ ਹੈਂਡਲਰ ਅੰਮ੍ਰਿਤ ਦਾਲਮ ਦੇ ਹੁਕਮਾਂ ‘ਤੇ ਕੰਮ ਕਰ ਰਿਹਾ ਸੀ। ਉਸਦਾ ਨਾਂ ਪਹਿਲਾਂ ਵੀ ਅਸਲਾ ਐਕਟ, ਚੋਰੀ ਅਤੇ ਘਰ ਤੋੜ ਮਾਮਲਿਆਂ ਵਿੱਚ ਆ ਚੁੱਕਾ ਹੈ।
ਬਟਾਲਾ ਪੁਲਸ ਨੇ ਦਰਜ ਕੀਤੀ ਐੱਫ਼.ਆਈ.ਆਰ.
ਇਸ ਮਾਮਲੇ ਸਬੰਧੀ ਬਟਾਲਾ ਦੇ ਸਿਵਲ ਲਾਈਨਜ਼ ਪੁਲਸ ਸਟੇਸ਼ਨ ‘ਚ ਅਸਲਾ ਐਕਟ ਤਹਿਤ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ। ਪੁਲਸ ਮੁਲਜ਼ਮ ਦੇ ਹੋਰ ਸਾਥੀਆਂ ਅਤੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ।
ਗੈਂਗਸਟਰ ਨੈੱਟਵਰਕ ਦੇ ਖ਼ਾਤਮੇ ਲਈ ਪੁਲਸ ਦਾ ਮੁਹਿੰਮ ਜਾਰੀ
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਭਰ ਵਿੱਚ ਗੈਂਗਸਟਰ ਨੈੱਟਵਰਕ ਨੂੰ ਤੋੜਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਨੂੰ ਚੁਨੌਤੀ ਦੇਣ ਵਾਲੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

