ਚੰਡੀਗੜ :- ਪਿਛਲੇ ਦਿਨੀ ਲਦਾਖ਼ ਵਿੱਚ ਡਿਊਟੀ ਦੌਰਾਨ ਹਾਦਸੇ ਵਿੱਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਪਿੰਡ ਗਾਲੜੀ ਦੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿੱਚ ਪੂਰੇ ਸਨਮਾਨ ਨਾਲ ਅੰਤਿਮ ਅਰਦਾਸ ਅਤੇ ਨਮਿਤ ਪਾਠ ਦੇ ਭੋਗ ਸਮੇਂ ਯਾਦ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਨੂੰ ਸਿਰ ਝੁਕਾ ਕੇ ਸ਼ਰਧਾਂਜਲੀ ਦਿੱਤੀ।
ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਜਨਤਕ ਪ੍ਰਤਿਨਿਧੀਆਂ ਨੇ ਹਾਜ਼ਰੀ ਭਰੀ ਅਤੇ ਸ਼ਹੀਦ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਸਰਕਾਰ ਵੱਲੋਂ ਵਿੱਤੀ ਸਹਾਇਤਾ ਤੇ ਨੌਕਰੀ ਦਾ ਐਲਾਨ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 6 ਲੱਖ ਰੁਪਏ ਦੀ ਪਹਿਲੀ ਕ਼ਿਸ਼ਤ ਅੱਜ ਹੀ ਪਰਿਵਾਰ ਨੂੰ ਸੌਂਪੀ ਗਈ ਹੈ, ਜਦਕਿ ਬਾਕੀ 94 ਲੱਖ ਰੁਪਏ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਸ਼ਹੀਦ ਦੇ ਭਰਾ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਫੈਸਲਾ ਲਿਆ ਗਿਆ ਹੈ, ਤਾਂ ਜੋ ਪਰਿਵਾਰ ਨੂੰ ਆਰਥਿਕ ਸੁਰੱਖਿਆ ਮਿਲ ਸਕੇ।
ਪਿੰਡ ਵਿੱਚ ਯਾਦਗਾਰ ਗੇਟ ਅਤੇ ਸਕੂਲ ਦਾ ਨਵਾਂ ਨਾਮ
ਸਮਾਗਮ ਦੌਰਾਨ ਇਹ ਵੀ ਸਿਫਾਰਸ਼ ਕੀਤੀ ਗਈ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦਲਜੀਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇ ਅਤੇ ਪਿੰਡ ਦੀ ਦਾਖ਼ਲੀ ਜਗ੍ਹਾ ‘ਤੇ ਇੱਕ ਯਾਦਗਾਰੀ ਗੇਟ ਬਣਾਇਆ ਜਾਵੇ।
ਮੋਹਿੰਦਰ ਭਗਤ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਦੇਸ਼ ਦਾ ਅਸਲੀ ਧਨ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਹਮੇਸ਼ਾਂ ਯਾਦ ਰੱਖੀ ਜਾਵੇਗੀ। ਉਨ੍ਹਾਂ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਹਮੇਸ਼ਾਂ ਸ਼ਹੀਦ ਪਰਿਵਾਰਾਂ ਦੇ ਨਾਲ ਖੜ੍ਹੀ ਰਹੇਗੀ।
ਦਲਜੀਤ ਸਿੰਘ ਨੇ ਲਦਾਖ਼ ਦੇ ਕਠਿਨ ਮੌਸਮ ਅਤੇ ਮੁਸ਼ਕਲ ਹਾਲਾਤ ਵਿੱਚ ਦੇਸ਼ ਦੀ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਆਪਣੀ ਜ਼ਿੰਦਗੀ ਨਿਛਾਵਰ ਕਰ ਦਿੱਤੀ, ਜਿਸ ਨਾਲ ਪਿੰਡ ਅਤੇ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ।