ਚੰਡੀਗੜ੍ਹ :- ਸਿੱਖ ਇਤਿਹਾਸ ਦੀਆਂ ਅਮਿੱਟ ਕੁਰਬਾਨੀਆਂ ਨੂੰ ਸਮਰਪਿਤ ਮਾਤਾ ਗੁਜਰੀ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ, ਨਾਲ ਹੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਆਰੰਭਤਾ ਗੰਭੀਰਤਾ ਅਤੇ ਸ਼ਰਧਾ ਨਾਲ ਕੀਤੀ ਗਈ।
ਅਖੰਡ ਪਾਠਾਂ ਨਾਲ ਹੋਈ ਸ਼ੁਰੂਆਤ
ਇਤਿਹਾਸਿਕ ਗੁਰਦੁਆਰਾ ਮਾਤਾ ਸਾਹਿਬ ਕੌਰ–ਮਾਤਾ ਸੁੰਦਰ ਕੌਰ ਜੀ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਕੀਤੀ ਗਈ।
ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ
ਸਮਾਗਮ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਈਆਂ। ਤਖਤ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ, ਜਿਨ੍ਹਾਂ ਨੇ ਸੰਗਤਾਂ ਨੂੰ ਸ਼ਹੀਦੀ ਇਤਿਹਾਸ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ
ਗੁਰਦੁਆਰਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 27 ਦਸੰਬਰ ਨੂੰ ਪਾਏ ਜਾਣਗੇ।
26 ਨੂੰ ਨਗਰ ਕੀਰਤਨ, 27 ਨੂੰ ਮੁੱਖ ਸਮਾਗਮ
ਪ੍ਰਕਾਸ਼ ਪੁਰਬ ਦੇ ਸੰਦਰਭ ਵਿੱਚ 26 ਦਸੰਬਰ ਨੂੰ ਆਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ, ਜਦਕਿ ਸ਼ਹੀਦੀ ਤੇ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਮੁੱਖ ਧਾਰਮਿਕ ਸਮਾਗਮ 27 ਦਸੰਬਰ ਨੂੰ ਹੋਣਗੇ।
ਸੰਗਤਾਂ ਨੂੰ ਖੁੱਲ੍ਹਾ ਸੱਦਾ
ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ, ਜਦਕਿ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ਼ਹੀਦੀ ਸਮਾਗਮਾਂ ’ਚ ਵੱਧ-ਚੜ੍ਹ ਕੇ ਹਾਜ਼ਰੀ ਭਰਨ ਦਾ ਸੱਦਾ ਦਿੱਤਾ।

