ਅੰਮ੍ਰਿਤਸਰ :- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਨੂੰ ਸਮਰਪਿਤ ਸਲਾਨਾ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਮਤਿ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ।
ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਇਆ ਗੁਰਬਾਣੀ ਕੀਰਤਨ
ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਨਾਲ ਹੋਈ। ਇਸ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਮੀਰੀ-ਪੀਰੀ ਦੀਆਂ ਪਵਿੱਤਰ ਤਲਵਾਰਾਂ ਦੇ ਦਰਸ਼ਨ ਕਰਵਾਏ।
ਸਿੱਖ ਕੌਮ ਨੂੰ ਇੱਕਜੁੱਟ ਰਹਿਣ ਦੀ ਕੀਤੀ ਅਪੀਲ
ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਨੂੰ ਆਪਸੀ ਏਕਤਾ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਤਾਕਤਾਂ ਲਗਾਤਾਰ ਯਤਨ ਕਰ ਰਹੀਆਂ ਹਨ, ਇਸ ਲਈ ਸਮੁੱਚੀ ਕੌਮ ਨੂੰ ਇੱਕਜੁੱਟ ਹੋ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਿੱਖਾਂ ਦੀ ਧਰਤੀ ਹੈ ਅਤੇ ਇਸ ਨਾਲ ਰਿਸ਼ਤਾ ਹਮੇਸ਼ਾ ਮਜ਼ਬੂਤ ਰਹਿਣਾ ਚਾਹੀਦਾ ਹੈ।
ਖ਼ਾਲਸਾ ਮਾਰਚ ਵਿੱਚ ਸ਼ਮੂਲੀਅਤ ਦੀ ਕੀਤੀ ਅਪੀਲ
ਜਥੇਦਾਰ ਨੇ ਦੱਸਿਆ ਕਿ ਮੀਰੀ-ਪੀਰੀ ਦਿਵਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਖ਼ਾਲਸਾ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮਾਰਚ ਜਿੱਥੇ-ਜਿੱਥੇ ਪਹੁੰਚੇ, ਉੱਥੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ।
ਕਈ ਪ੍ਰਮੁੱਖ ਸਖ਼ਸ਼ੀਅਤਾਂ ਨੇ ਭਰੀ ਹਾਜ਼ਰੀ
ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਧਾਰਮਿਕ ਅਤੇ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਹਿੱਸਾ ਪਾਇਆ।

