ਚੰਡੀਗੜ੍ਹ :- ਪੰਜਾਬ ਵਿੱਚ ਮਾਨਸੂਨ ਨੇ ਮੁੜ ਸਰਗਰਮੀ ਦਿਖਾਈ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ 19 ਤੋਂ 22 ਅਗਸਤ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਤੇਜ਼ ਮੀਂਹ ਦੇ ਨਾਲ ਬੱਦਲਵਾਈ ਰਹਿਣ ਦੀ ਵੀ ਸੰਭਾਵਨਾ ਹੈ।
ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਮੋਹਾਲੀ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ ਵਿੱਚ ਗਰਜ-ਚਮਕ ਵਾਲੀ ਸਥਿਤੀ ਵੀ ਬਣਨ ਦੀ ਸੰਭਾਵਨਾ ਹੈ।
ਦੱਖਣੀ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੇ ਆਸਾਰ
ਬਠਿੰਡਾ, ਫਰੀਦਕੋਟ, ਮੋਗਾ, ਸੰਗਰੂਰ ਅਤੇ ਮਾਨਸਾ ਵਿੱਚ ਵੀ ਕੁਝ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ 24 ਤੋਂ 27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਚੰਡੀਗੜ੍ਹ ਵਿੱਚ ਵੀ ਬੱਦਲਵਾਈ ਦੇ ਨਾਲ ਮੀਂਹ
ਚੰਡੀਗੜ੍ਹ ਵਿੱਚ ਆਮ ਤੌਰ ’ਤੇ ਬੱਦਲਵਾਈ ਛਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ-ਚਮਕ ਹੋ ਸਕਦੀ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ ਕਰੀਬ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
ਮੀਂਹ ਤੋਂ ਬਾਅਦ ਮਾਨਸੂਨ ਕਮਜ਼ੋਰ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 22 ਅਗਸਤ ਤੋਂ ਬਾਅਦ ਮਾਨਸੂਨ ਦੀ ਸਰਗਰਮੀ ਕਮਜ਼ੋਰ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ 15 ਅਗਸਤ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਸੀ।
ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 40.1 ਮਿਲੀਮੀਟਰ ਮੀਂਹ
ਪਿਛਲੇ 24 ਘੰਟਿਆਂ ਦੌਰਾਨ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 40.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਲੰਧਰ ਵਿੱਚ 14 ਮਿਲੀਮੀਟਰ, ਰੂਪਨਗਰ ਵਿੱਚ 13 ਮਿਲੀਮੀਟਰ, ਪਠਾਨਕੋਟ ਵਿੱਚ 4 ਮਿਲੀਮੀਟਰ, ਪਟਿਆਲਾ ਵਿੱਚ 3.4 ਮਿਲੀਮੀਟਰ, ਲੁਧਿਆਣਾ ਵਿੱਚ 2.8 ਮਿਲੀਮੀਟਰ ਅਤੇ ਮੋਹਾਲੀ ਵਿੱਚ 2 ਮਿਲੀਮੀਟਰ ਮੀਂਹ ਦਰਜ ਹੋਇਆ। ਚੰਡੀਗੜ੍ਹ ਵਿੱਚ ਵੀ ਹਲਕੀ ਬਾਰਿਸ਼ ਹੋਈ।

