ਚੰਡੀਗੜ੍ਹ :- ਪੰਜਾਬ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ (ਮੁਹਾਲੀ), ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੇ ਆਸਾਰ ਹਨ।
ਅਗਲੇ ਤਿੰਨ ਦਿਨਾਂ ਦਾ ਮੌਸਮ ਰਹੇਗਾ ਅਜਿਹਾ
12 ਜੁਲਾਈ:
ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਸਮੇਤ ਕੁੱਲ 15 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
13 ਜੁਲਾਈ:
ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਰਹੇਗਾ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਸਮੇਤ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
14 ਜੁਲਾਈ:
ਇਸ ਦਿਨ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਬਣੀ ਰਹੇਗੀ।
ਤਾਪਮਾਨ ਵਿੱਚ ਹਲਕਾ ਵਾਧਾ, ਆਮ ਦੇ ਨੇੜੇ ਰਿਹਾ ਮੌਸਮ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਦੇ ਕਰੀਬ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਹਵਾਈ ਅੱਡੇ ‘ਤੇ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੁੱਖ ਸ਼ਹਿਰਾਂ ਦਾ ਵੱਧੋ-ਵੱਧ ਤਾਪਮਾਨ
ਚੰਡੀਗੜ੍ਹ (ਸ਼ਹਿਰ) ਵਿੱਚ 32.3 ਡਿਗਰੀ, ਚੰਡੀਗੜ੍ਹ ਹਵਾਈ ਅੱਡੇ ‘ਤੇ 31.2 ਡਿਗਰੀ, ਅੰਮ੍ਰਿਤਸਰ ਵਿੱਚ 35.0 ਡਿਗਰੀ, ਲੁਧਿਆਣਾ ਵਿੱਚ 34.0 ਡਿਗਰੀ, ਪਟਿਆਲਾ ਵਿੱਚ 32.0 ਡਿਗਰੀ, ਪਠਾਨਕੋਟ ਵਿੱਚ 34.9 ਡਿਗਰੀ, ਬਠਿੰਡਾ ਵਿੱਚ 37.6 ਡਿਗਰੀ, ਫਰੀਦਕੋਟ ਵਿੱਚ 36.0 ਡਿਗਰੀ, ਅਬੋਹਰ ਵਿੱਚ 38.1 ਡਿਗਰੀ ਅਤੇ ਫਿਰੋਜ਼ਪੁਰ ਵਿੱਚ 35.1 ਡਿਗਰੀ ਵੱਧੋ-ਵੱਧ ਤਾਪਮਾਨ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 33.8 ਡਿਗਰੀ, ਮੋਗਾ ਵਿੱਚ 33.9 ਡਿਗਰੀ, ਮੁਹਾਲੀ ਵਿੱਚ 32.3 ਡਿਗਰੀ, ਮੁਕਤਸਰ ਵਿੱਚ 35.4 ਡਿਗਰੀ, ਥੀਨ ਡੈਮ (ਪਠਾਨਕੋਟ) ਵਿੱਚ 33.3 ਡਿਗਰੀ, ਰੂਪਨਗਰ ਵਿੱਚ 34.8 ਡਿਗਰੀ, ਭਾਖੜਾ ਡੈਮ ਖੇਤਰ ਵਿੱਚ 35.7 ਡਿਗਰੀ ਅਤੇ ਸੰਗਰੂਰ ਵਿੱਚ 33.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਸੰਭਾਵਨਾ ਵਾਲੇ ਇਲਾਕਿਆਂ ਦੇ ਲੋਕਾਂ ਨੂੰ ਲੋੜ ਤੋਂ ਬਿਨਾਂ ਪਾਣੀ ਭਰਨ ਵਾਲੀਆਂ ਥਾਵਾਂ ਜਾਂ ਦਰਿਆਈ ਖੇਤਰਾਂ ਵੱਲ ਨਾ ਜਾਣ, ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

