ਚੰਡੀਗੜ੍ਹ :- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਸਬੰਧੀ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਜਾਂਚ ਏਜੰਸੀ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ।
ਗ੍ਰਿਫ਼ਤਾਰੀ ਨੂੰ ਦੱਸਿਆ ਕਾਨੂੰਨੀ ਪ੍ਰਕਿਰਿਆ ਦੇ ਉਲਟ
ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੰਜੀਵ ਅਰੋੜਾ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਦਿੱਤਾ ਗਿਆ ਰਿਮਾਂਡ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਹੀਂ ਸੀ। ਉਨ੍ਹਾਂ ਨੇ ਅਦਾਲਤ ਕੋਲ ਬੇਨਤੀ ਕੀਤੀ ਹੈ ਕਿ ਗ੍ਰਿਫ਼ਤਾਰੀ ਅਤੇ ਇਸ ਨਾਲ ਸਬੰਧਤ ਸਾਰੇ ਹੁਕਮਾਂ ਨੂੰ ਰੱਦ ਕੀਤਾ ਜਾਵੇ
ਰਿਮਾਂਡ ਨੂੰ ਵੀ ਦਿੱਤੀ ਚੁਣੌਤੀ
ਤਲਾਸ਼ੀ ਕਾਰਵਾਈ ਤੋਂ ਬਾਅਦ ਈਡੀ ਨੇ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੋਂ ਉਨ੍ਹਾਂ ਨੂੰ ਈਡੀ ਦੀ ਹਿਰਾਸਤ ਵਿੱਚ ਭੇਜਿਆ ਗਿਆ। ਹੁਣ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗ੍ਰਿਫ਼ਤਾਰੀ ਦੇ ਨਾਲ-ਨਾਲ ਰਿਮਾਂਡ ਦੇ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਹੈ।
ਜ਼ਮਾਨਤ ਪਟੀਸ਼ਨ ‘ਤੇ ਵੀ ਸੁਣਵਾਈ ਜਾਰੀ
ਇਸ ਤੋਂ ਪਹਿਲਾਂ ਹਾਈ ਕੋਰਟ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਸਬੰਧੀ ਦਾਇਰ ਵੱਖਰੀ ਪਟੀਸ਼ਨ ‘ਤੇ ਵੀ ਈਡੀ ਤੋਂ ਜਵਾਬ ਮੰਗ ਚੁੱਕੀ ਹੈ। ਹੁਣ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਵੀ ਜਾਂਚ ਏਜੰਸੀ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

