ਚੰਡੀਗੜ੍ਹ :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਨਾਲ ਮੀਟਿੰਗ ਕਰਕੇ ਯਕੀਨ ਦਵਾਇਆ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਗੰਨੇ ਦੀ ਕੀਮਤ ਵਿੱਚ ਰਾਜ ਸਰਕਾਰ ਦੇ ਹਿੱਸੇ ਦੀ ਬਕਾਇਆ ਰਕਮ ਜਲਦੀ ਜਾਰੀ ਕੀਤੀ ਜਾਵੇਗੀ।
ਕਿਸਾਨਾਂ ਨੇ ਕੀਤਾ ਧੰਨਵਾਦ
ਇਸ ਮੀਟਿੰਗ ਦੌਰਾਨ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਵੱਲੋਂ ਦਿੱਤੇ ਭਰੋਸੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਮੇਂ ਸਿਰ ਅਦਾਇਗੀ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਭੁਗਤਾਨ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਗੰਨਾ ਉਤਪਾਦਕਾਂ ਨੂੰ ਦੇਰੀ ਕਾਰਨ ਆ ਰਹੀਆਂ ਵਿੱਤੀ ਮੁਸ਼ਕਲਾਂ ਦਾ ਸਰਕਾਰ ਨੂੰ ਪੂਰਾ ਅਹਿਸਾਸ ਹੈ ਅਤੇ ਜਲਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਜਥੇਬੰਦੀਆਂ ਨਾਲ ਵੀ ਵਿਚਾਰ-ਵਟਾਂਦਰਾ
ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ, ਵਿੱਤ ਮੰਤਰੀ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ।
ਮੰਗਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼
ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪੇਸ਼ ਕੀਤੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।