ਚੰਡੀਗੜ੍ਹ :- ਗੁਰੂ ਸਾਹਿਬ ਅਤੇ ਚਾਰ ਸਾਹਿਬਜ਼ਾਦਿਆਂ ਨਾਲ ਸਬੰਧਿਤ ਇੱਕ ਪੋਸਟਰ ਨੂੰ ਲੈ ਕੇ ਪੰਜਾਬ ਦੀ ਸਿਆਸਤ ਅਤੇ ਸਿੱਖ ਸਮਾਜ ਵਿੱਚ ਤਿੱਖਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ’ਤੇ ਸਖ਼ਤ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਕੌਮ ਸ਼ਹੀਦੀ ਦਿਹਾੜੇ ਮਨਾਉਂਦੀ ਹੋਈ ਗਹਿਰੇ ਜਜ਼ਬਾਤੀ ਮਾਹੌਲ ’ਚ ਹੁੰਦੀ ਹੈ, ਉਸ ਸਮੇਂ ਅਜਿਹਾ ਕਾਰਟੂਨ ਸ਼ੇਅਰ ਕਰਨਾ ਬਹੁਤ ਹੀ ਗੈਰ-ਜ਼ਿੰਮੇਵਾਰ ਅਤੇ ਨਿੰਦਨਯੋਗ ਹੈ।
‘ਭਾਜਪਾ ਨੇ ਆਪਣੀ ਸੋਚ ਬੇਨਕਾਬ ਕਰ ਦਿੱਤੀ’
ਧਾਲੀਵਾਲ ਨੇ ਆਖਿਆ ਕਿ ਭਾਜਪਾ ਵੱਲੋਂ ਸੋਸ਼ਲ ਮੀਡੀਆ ’ਤੇ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਨਾਲ ਜੁੜਿਆ ਕਾਰਟੂਨ ਪਾਉਣਾ ਇਹ ਦਰਸਾਉਂਦਾ ਹੈ ਕਿ ਉਹ ਸਿੱਖ ਕੌਮ ਦੀ ਆਸਥਾ ਅਤੇ ਸੰਵੇਦਨਸ਼ੀਲਤਾ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ। ਉਨ੍ਹਾਂ ਇਸਨੂੰ ਨੀਵੇਂ ਦਰਜੇ ਦੀ ਰਾਜਨੀਤੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਸਿੱਖਾਂ ਦੇ ਧਾਰਮਿਕ ਜਜ਼ਬਾਤਾਂ ਨੂੰ ਜਾਣ-ਬੁੱਝ ਕੇ ਠੇਸ ਪਹੁੰਚਾਉਣ ਦੇ ਬਰਾਬਰ ਹਨ।
ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਮੁਆਫ਼ੀ ਦੀ ਮੰਗ
ਆਪ ਨੇਤਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਪੋਸਟ ਤੱਕ ਸੀਮਿਤ ਨਹੀਂ, ਸਗੋਂ ਸਿੱਖ ਕੌਮ ਦੀ ਆਤਮਿਕ ਅਸਥਾ ਨਾਲ ਸਿੱਧਾ ਜੁੜਿਆ ਹੋਇਆ ਹੈ। ਉਨ੍ਹਾਂ ਭਾਜਪਾ ਹਾਈਕਮਾਨ ਤੋਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮੀਤ ਸ਼ਾਹ ਸਮੇਤ ਸਾਰੇ ਸਬੰਧਤ ਆਗੂ ਸਿੱਖ ਕੌਮ ਅਤੇ ਪੰਜਾਬੀਆਂ ਤੋਂ ਤੁਰੰਤ ਸਰਕਾਰੀ ਤੌਰ ’ਤੇ ਮੁਆਫ਼ੀ ਮੰਗਣ। ਨਾਲ ਹੀ ਵਿਵਾਦਿਤ ਕਾਰਟੂਨ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਤੋਂ ਤੁਰੰਤ ਹਟਾਇਆ ਜਾਵੇ।
ਐੱਸਜੀਪੀਸੀ ਤੇ ਜਥੇਦਾਰਾਂ ਦੀ ਚੁੱਪੀ ’ਤੇ ਸਵਾਲ
ਧਾਲੀਵਾਲ ਨੇ ਇਸ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰਾਂ ਦੀ ਖਾਮੋਸ਼ੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਦੋਂ ਗੱਲ ਸਿੱਖ ਕੌਮ ਦੀ ਧਾਰਮਿਕ ਅਸਥਾ ਦੀ ਆਉਂਦੀ ਹੈ ਤਾਂ ਧਾਰਮਿਕ ਅਗਵਾਈ ਵੱਲੋਂ ਸਪੱਸ਼ਟ ਅਤੇ ਸਖ਼ਤ ਰੁਖ਼ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸਜੀਪੀਸੀ ਇਸ ਮਾਮਲੇ ਦਾ ਗੰਭੀਰ ਨੋਟਿਸ ਲਵੇ, ਤਾਂ ਜੋ ਭਵਿੱਖ ’ਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
‘ਧਾਰਮਿਕ ਭਾਵਨਾਵਾਂ ਨਾਲ ਖੇਡ ਬਰਦਾਸ਼ਤ ਨਹੀਂ’
ਆਪ ਵਿਧਾਇਕ ਨੇ ਸਪਸ਼ਟ ਕੀਤਾ ਕਿ ਸਿੱਖ ਧਰਮ ਅਤੇ ਇਤਿਹਾਸ ਨਾਲ ਜੁੜੀਆਂ ਭਾਵਨਾਵਾਂ ਨਾਲ ਖੇਡਣ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਜਿਹੇ ਕਦਮਾਂ ਨਾਲ ਨਾ ਸਿਰਫ਼ ਸਿੱਖ ਕੌਮ, ਸਗੋਂ ਸਮੂਹ ਪੰਜਾਬੀਆਂ ਦੇ ਮਨ ਨੂੰ ਠੇਸ ਪਹੁੰਚੀ ਹੈ, ਜਿਸ ਦੀ ਜ਼ਿੰਮੇਵਾਰੀ ਭਾਜਪਾ ਨੂੰ ਲੈਣੀ ਹੀ ਪਵੇਗੀ।

