ਬਰਨਾਲਾ :- ਬਰਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਸਫ਼ਾਈ ਕਰਮਚਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਨੇ ਵੀਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਲੋਕਾਂ, ਵਪਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਨੂੰ ਇਸ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਬੰਦ ਦਾ ਮਕਸਦ ਪੁਲਿਸ ਕਾਰਵਾਈ ਖ਼ਿਲਾਫ਼ ਰੋਸ ਪ੍ਰਗਟ ਕਰਨਾ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਉਠਾਉਣਾ ਦੱਸਿਆ ਗਿਆ ਹੈ।
ਬਾਜ਼ਾਰਾਂ ਅਤੇ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ
ਬੰਦ ਦੇ ਸੱਦੇ ਤਹਿਤ ਦੁਕਾਨਾਂ, ਬਾਜ਼ਾਰਾਂ, ਸਕੂਲਾਂ, ਕਾਲਜਾਂ, ਮਾਲਜ਼ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਪਟਿਆਲਾ, ਕਪੂਰਥਲਾ, ਹੁਸ਼ਿਆਰਪੁਰ, ਫਾਜ਼ਿਲਕਾ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਦੀਆਂ ਜਥੇਬੰਦੀਆਂ ਨੇ ਇਸ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਪੁਲਿਸ ਕਾਰਵਾਈ ‘ਤੇ ਗੰਭੀਰ ਦੋਸ਼, ਡੀਐੱਸਪੀ ਖ਼ਿਲਾਫ਼ ਕਾਰਵਾਈ ਦੀ ਮੰਗ
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਬਰਨਾਲਾ ਵਿੱਚ ਹੋਈ ਪੁਲਿਸ ਕਾਰਵਾਈ ਦੌਰਾਨ ਕਈ ਸਫ਼ਾਈ ਕਰਮਚਾਰੀ ਜ਼ਖ਼ਮੀ ਹੋਏ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਕਰਮਚਾਰੀਆਂ ਦੇ ਸਿਰਾਂ ‘ਤੇ ਵੀ ਗੰਭੀਰ ਸੱਟਾਂ ਲੱਗੀਆਂ ਅਤੇ ਮਹਿਲਾ ਕਰਮਚਾਰੀਆਂ ਨਾਲ ਵੀ ਕਥਿਤ ਤੌਰ ‘ਤੇ ਬਦਸਲੂਕੀ ਕੀਤੀ ਗਈ। ਇਸ ਮਾਮਲੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੰਬੰਧਤ ਡੀਐੱਸਪੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਬੰਦ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਵਾਲਮੀਕਿ ਸਮਾਜ ਦੇ ਮੈਂਬਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਲਿਸ ਅਧਿਕਾਰੀਆਂ ਦੇ ਪ੍ਰਤੀਕਾਤਮਕ ਪੁਤਲੇ ਬਣਾਕੇ ਵਿਰੋਧ ਦਰਜ ਕਰਵਾਇਆ ਗਿਆ।
ਗੁਰਦਾਸਪੁਰ ਵਿੱਚ ਟਰੇਡ ਯੂਨੀਅਨ ਨੇ ਦਿੱਤਾ ਸਮਰਥਨ
ਗੁਰਦਾਸਪੁਰ ਟਰੇਡ ਯੂਨੀਅਨ ਨੇ ਵੀ ਪੰਜਾਬ ਬੰਦ ਦੇ ਸੱਦੇ ਨਾਲ ਖੜ੍ਹਨ ਦਾ ਐਲਾਨ ਕੀਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਫ਼ਾਈ ਕਰਮਚਾਰੀ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਇਸ ਲਈ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।
ਲੁਧਿਆਣਾ ਵਿੱਚ ਸ਼ਾਮ 4 ਵਜੇ ਤੱਕ ਬੰਦ ਰੱਖਣ ਦੀ ਅਪੀਲ
ਲੁਧਿਆਣਾ ਵਿੱਚ ਦਲਿਤ ਭਾਈਚਾਰੇ ਦੇ ਆਗੂ ਯਸ਼ਪਾਲ ਚੌਧਰੀ ਨੇ ਕਿਹਾ ਕਿ ਸਵੇਰ ਤੋਂ ਸ਼ਾਮ 4 ਵਜੇ ਤੱਕ ਸ਼ਾਂਤੀਪੂਰਨ ਢੰਗ ਨਾਲ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਪਾਰੀਆਂ ਅਤੇ ਆਮ ਲੋਕਾਂ ਵੱਲੋਂ ਵੀ ਬੰਦ ਨੂੰ ਚੰਗਾ ਸਹਿਯੋਗ ਮਿਲ ਰਿਹਾ ਹੈ।
ਜਲੰਧਰ ਵਿੱਚ ਬੰਦ ਨਹੀਂ, ਸਿਰਫ਼ ਆਮ ਗਤੀਵਿਧੀਆਂ ਜਾਰੀ
ਜਲੰਧਰ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਵੀਰਵਾਰ ਨੂੰ ਬੰਦ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕ ਪਹਿਲਾਂ ਹੀ 27 ਜੁਲਾਈ ਦੇ ਬੰਦ ਵਿੱਚ ਆਪਣਾ ਸਮਰਥਨ ਦੇ ਚੁੱਕੇ ਹਨ, ਇਸ ਲਈ ਇਸ ਵਾਰ ਆਮ ਕਾਰੋਬਾਰ ਅਤੇ ਰੁਟੀਨ ਗਤੀਵਿਧੀਆਂ ਜਾਰੀ ਰਹਿਣਗੀਆਂ।
ਹਸਪਤਾਲ, ਐਂਬੂਲੈਂਸ ਅਤੇ ਮੈਡੀਕਲ ਸਟੋਰ ਰਹਿਣਗੇ ਖੁੱਲ੍ਹੇ
ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੰਦ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਹਸਪਤਾਲ, ਐਂਬੂਲੈਂਸ ਸੇਵਾਵਾਂ ਅਤੇ ਮੈਡੀਕਲ ਸਟੋਰ ਪਹਿਲਾਂ ਵਾਂਗ ਚਾਲੂ ਰਹਿਣਗੇ, ਤਾਂ ਜੋ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਕਿਸੇ ਵੀ ਜ਼ਰੂਰੀ ਸੇਵਾ ਲਈ ਦਿੱਕਤ ਨਾ ਆਵੇ।

