ਭਾਜਪਾ 10 ਲੱਖ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਜਾ ਰਹੀ: ਆਮ ਆਦਮੀ ਪਾਰਟੀ
ਨਿੱਜੀ ਡਾਟਾ ਇਕੱਠਾ ਕਰਨ ਅਤੇ ਰਾਸ਼ਨ ਕਾਰਡ ਰੱਦ ਕਰਨ ‘ਤੇ ਭਾਜਪਾ ਘੇਰੇ ‘ਚ
ਵਿਰੋਧੀ ਧਿਰਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼: ਆਮ ਆਦਮੀ ਪਾਰਟੀ ਦਾ ਕੇਂਦਰ ਸਰਕਾਰ ‘ਤੇ ਦੋਸ਼
ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ‘ਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ
ਚੰਡੀਗੜ :- ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ‘ਚ ਪ੍ਰੈੱਸ ਵਾਰਤਾ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਇਲਜ਼ਾਮ ਲਗਾਇਆ ਕਿ ਉਹ ਪੰਜਾਬ ਦੇ 10 ਲੱਖ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਬੇਤੁਕੇ ਬਹਾਨਿਆਂ ਨਾਲ ਕੱਟਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਲੋਕ ਵਿਰੋਧੀ ਕਦਮ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।
ਭਾਜਪਾ ਵੱਲੋਂ ਨਿੱਜੀ ਡਾਟਾ ਇਕੱਠਾ ਕਰਨ ‘ਤੇ ਵੀ ਸਵਾਲ
ਵਿਧਾਇਕ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕੈਂਪ ਲਗਾ ਕੇ ਲੋਕਾਂ ਦੇ ਰਾਸ਼ਨ ਕਾਰਡ, ਬੈਂਕ ਖਾਤੇ ਅਤੇ ਆਧਾਰ ਕਾਰਡ ਵਰਗੀ ਨਿੱਜੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਕੋਈ ਯੋਜਨਾ ਲਿਆਉਂਦੀ ਹੈ ਤਾਂ ਇਸਦੀ ਪ੍ਰਕਿਰਿਆ ਪੰਜਾਬ ਸਰਕਾਰ ਰਾਹੀਂ ਹੀ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਰਾਜਨੀਤਿਕ ਪਾਰਟੀ ਦੇ ਅਹੁਦੇਦਾਰਾਂ ਰਾਹੀਂ।
ਲੋਕਾਂ ਨੂੰ ਚੇਤਾਵਨੀ – ਨਿੱਜੀ ਜਾਣਕਾਰੀ ਨਾ ਸਾਂਝੀ ਕਰੋ
ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਵੀ ਸਾਵਧਾਨ ਕੀਤਾ ਕਿ ਉਹ ਅਜਿਹੇ ਕੈਂਪਾਂ ਤੋਂ ਦੂਰ ਰਹਿਣ, ਕਿਉਂਕਿ ਭਾਜਪਾ ਆਗੂਆਂ ਕੋਲ ਨਿੱਜੀ ਜਾਣਕਾਰੀ ਇਕੱਠੀ ਕਰਨ ਜਾਂ ਅੰਗੂਠੇ ਲਗਵਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
ਵਿਰੋਧੀ ਧਿਰਾਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਦੋਸ਼
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਇਹ ਵੀ ਦੋਸ਼ ਲਗਾਇਆ ਕਿ ਉਹ ਵਿਰੋਧੀ ਧਿਰਾਂ ਨੂੰ ਕਮਜ਼ੋਰ ਕਰਨ ਲਈ ਨਵਾਂ ਕਾਨੂੰਨ ਲਿਆ ਰਹੀ ਹੈ। ਇਸ ਕਾਨੂੰਨ ਅਧੀਨ, 30 ਦਿਨ ਤੋਂ ਵੱਧ ਜੇਲ੍ਹ ਵਿੱਚ ਰਹਿਣ ਵਾਲੇ ਨੇਤਾ ਨੂੰ ਅਹੁਦੇ ਤੋਂ ਹਟਾਉਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉਦਾਹਰਨ ਦਿੱਤੀ ਕਿ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਕੁਮਾਰ ਜੈਨ ਨੂੰ ਦੋ ਸਾਲ ਜੇਲ੍ਹ ਵਿੱਚ ਰੱਖਣ ਤੋਂ ਬਾਅਦ CBI ਨੇ ਬਰੀ ਕੀਤਾ ਕਿਉਂਕਿ ਕੋਈ ਸਬੂਤ ਨਹੀਂ ਮਿਲਿਆ।
ਮੋਦੀ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿੰਦਾ
ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਝੂਠੇ ਕੇਸਾਂ ਰਾਹੀਂ ਵਿਰੋਧੀ ਧਿਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮੋਦੀ ਸਰਕਾਰ ਦੇ ਇਸ ਕਦਮ ਦੀ ਪੂਰੀ ਤਰ੍ਹਾਂ ਨਿੰਦਾ ਕਰਦੀ ਹੈ।