ਚੰਡੀਗੜ੍ਹ :- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਅੰਮ੍ਰਿਤਸਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰੇਕ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਰਾਹਤ ਤੇ ਬਚਾਅ ਕਾਰਜ ਜਾਰੀ ਹਨ ਅਤੇ ਸਥਿਤੀ ਆਮ ਹੋਣ ਉਪਰੰਤ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ।
ਰਾਵੀ ਦਰਿਆ ਦੇ ਕਿਨਾਰੇ ਹਾਲਾਤ ਦਾ ਜਾਇਜ਼ਾ
ਮੁੱਖ ਸਕੱਤਰ ਨੇ ਅਜਨਾਲਾ, ਰਮਦਾਸ ਅਤੇ ਪਠਾਨਕੋਟ ਦੇ ਬਮਿਆਲ ਤੇ ਨਰੋਟ ਜੈਮਲ ਸਿੰਘ ਬਲਾਕਾਂ ਵਿੱਚ ਰਾਵੀ ਦਰਿਆ ਨਾਲ ਲੱਗਦੇ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਕਈ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ, ਰਾਹਤ ਸਮੱਗਰੀ ਵੰਡਾਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਜਾਣ ਲਈ ਪ੍ਰੇਰਿਤ ਕੀਤਾ। ਚਮਿਆਰੀ ਪਿੰਡ ਵਿੱਚ ਬਣਾਏ ਰਾਹਤ ਕੇਂਦਰ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ।
ਰਾਹਤ ਕੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼
ਦੌਰੇ ਦੌਰਾਨ ਕੇ.ਏ.ਪੀ. ਸਿੰਹਾ ਨੇ ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਐਨਡੀਆਰਐਫ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਣ ਤੱਕ ਹੋਏ ਰਾਹਤ ਕਾਰਜਾਂ ਦੀ ਰਿਪੋਰਟ ਲਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਹੜ੍ਹ ਪੀੜਤ ਲੋਕਾਂ ਨੂੰ ਵੱਧ ਤੋਂ ਵੱਧ ਸਹਾਇਤਾ ਮਿਲ ਸਕੇ।
ਉੱਚ ਪੱਧਰੀ ਅਧਿਕਾਰੀ ਕਰ ਰਹੇ ਨਿਗਰਾਨੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਨਿਗਰਾਨੀ ਲਈ ਭੇਜਿਆ ਗਿਆ ਹੈ। ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।