ਚੰਡੀਗੜ੍ਹ :- ਪੰਜਾਬ ਦੇ ਕਈ ਇਲਾਕੇ ਇਸ ਵੇਲੇ ਹੜ੍ਹਾਂ ਦੀ ਭਿਆਨਕ ਮਾਰ ਹੇਠ ਹਨ। ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਅਤੇ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹੁਣ ਪਾਣੀ ਹਟਣ ਤੋਂ ਬਾਅਦ ਖੇਤਾਂ ਵਿੱਚ ਭਰੀ ਰੇਤ ਕਿਸਾਨਾਂ ਲਈ ਵੱਡੀ ਮੁਸ਼ਕਲ ਬਣ ਰਹੀ ਹੈ। ਇਸ ਸਮੱਸਿਆ ਨੂੰ ਦੇਖਦੇ ਹੋਏ ਮਾਨ ਸਰਕਾਰ ਮਾਈਨਿੰਗ ਨੀਤੀ ਵਿੱਚ ਬਦਲਾਅ ਕਰਨ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਖੇਤਾਂ ਦੀ ਰੇਤ ਵੇਚਣ ਦੀ ਇਜਾਜ਼ਤ ਮਿਲ ਸਕਦੀ ਹੈ।
ਮਾਨ ਸਰਕਾਰ ਦੀ ਸੋਸ਼ਲ ਮੀਡੀਆ ਪੋਸਟ
ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਇਹ ਫ਼ੈਸਲਾ ਲਿਆ ਜਾ ਰਿਹਾ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਮਾਈਨਿੰਗ ਨੀਤੀ ਵਿੱਚ ਜਲਦ ਸੋਧ ਕਰਕੇ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਰੇਤ ਵੇਚਣ ਦੀ ਮਨਜ਼ੂਰੀ ਦਿੱਤੀ ਜਾਵੇਗੀ।
ਕੈਬਨਿਟ ਮੀਟਿੰਗ ਮੁਲਤਵੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਸਬੰਧੀ ਵੱਡੇ ਫ਼ੈਸਲੇ ਲਈ ਕੈਬਨਿਟ ਮੀਟਿੰਗ ਸੱਦੀ ਸੀ, ਪਰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਇਹ ਮੀਟਿੰਗ ਮੁਲਤਵੀ ਕਰਨੀ ਪਈ। ਇਸ ਵੇਲੇ ਉਹ ਫੋਰਟਿਸ ਹਸਪਤਾਲ ਵਿੱਚ ਇਲਾਜ ਹੇਠ ਹਨ ਅਤੇ ਉਨ੍ਹਾਂ ਨੂੰ ਇਕ-ਦੋ ਦਿਨਾਂ ਵਿੱਚ ਛੁੱਟੀ ਮਿਲਣ ਦੀ ਸੰਭਾਵਨਾ ਹੈ।