ਚੰਡੀਗੜ੍ਹ :- ਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਤਾਪਮਾਨ ਵਿੱਚ ਲਗਭਗ 1 ਡਿਗਰੀ ਸੈਲਸੀਅਸ ਤੋਂ ਵੱਧ ਦਾ ਇਜ਼ਾਫ਼ਾ ਦਰਜ ਕੀਤਾ ਗਿਆ ਹੈ। ਕਈ ਸ਼ਹਿਰਾਂ ਵਿੱਚ ਪਾਰਾ ਆਮ ਨਾਲੋਂ 2 ਤੋਂ 4 ਡਿਗਰੀ ਤੱਕ ਵੱਧ ਚੜ੍ਹ ਗਿਆ, ਜਿਸ ਕਾਰਨ ਦਿਨ ਦੇ ਸਮੇਂ ਸੜਕਾਂ ‘ਤੇ ਸੁੰਨਾਪਾ ਵੇਖਣ ਨੂੰ ਮਿਲਿਆ। ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ ਜਿੱਥੇ ਤਾਪਮਾਨ 44.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਚੰਡੀਗੜ੍ਹ ਵਿੱਚ ਵੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਅਤੇ ਪਾਰਾ 42.7 ਡਿਗਰੀ ਦਰਜ ਕੀਤਾ ਗਿਆ।
ਤੇਜ਼ ਗਰਮੀ ਕਾਰਨ ਸਰਕਾਰ ਨੇ ਬਦਲੇ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ
ਭਿਆਨਕ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ। ਨਵੇਂ ਹੁਕਮਾਂ ਮੁਤਾਬਕ ਹੁਣ ਸਰਕਾਰੀ ਅਦਾਰੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਕਰਮਚਾਰੀਆਂ ਦੀ ਲੰਚ ਬ੍ਰੇਕ ਵੀ ਦਫ਼ਤਰ ਸਮਾਂ ਮੁੱਕਣ ਤੋਂ ਬਾਅਦ ਰੱਖੀ ਗਈ ਹੈ ਤਾਂ ਜੋ ਲੋਕਾਂ ਨੂੰ ਦੁਪਹਿਰ ਦੀ ਤਪਦੀ ਗਰਮੀ ਤੋਂ ਬਚਾਇਆ ਜਾ ਸਕੇ।
27 ਮਈ ਤੱਕ ਹੀਟਵੇਵ ਦਾ ਅਲਰਟ ਜਾਰੀ
ਚੰਡੀਗੜ੍ਹ ਮੌਸਮ ਕੇਂਦਰ ਨੇ ਪੰਜਾਬ ਲਈ 27 ਮਈ ਤੱਕ ਭਿਆਨਕ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਸਥਿਤੀ ਗੰਭੀਰ ਹੋ ਸਕਦੀ ਹੈ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਬਠਿੰਡਾ, ਮੋਗਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਵਧੀਕ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
‘ਸੁਪਰ ਐਲ ਨੀਨੋ’ ਦੇ ਪ੍ਰਭਾਵ ਨਾਲ ਹੋਰ ਵਧੀ ਚਿੰਤਾ
ਮੌਸਮ ਮਾਹਿਰਾਂ ਮੁਤਾਬਕ ਇਸ ਵਾਰ ਦਾ ਨੌਤਪਾ ਆਮ ਸਾਲਾਂ ਨਾਲੋਂ ਵੱਧ ਪ੍ਰਭਾਵਸ਼ਾਲੀ ਮੰਨਿਆ ਜਾ ਰਿਹਾ ਹੈ। 25 ਮਈ ਤੋਂ ਸ਼ੁਰੂ ਹੋਇਆ ਇਹ ਦੌਰ 2 ਜੂਨ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਮ ਹਵਾਵਾਂ, ਖੁਸ਼ਕ ਮੌਸਮ ਅਤੇ ਤਾਪਮਾਨ ਵਿੱਚ ਤੇਜ਼ ਵਾਧਾ ਦਰਜ ਹੋ ਸਕਦਾ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ‘ਸੁਪਰ ਐਲ ਨੀਨੋ’ ਦੇ ਬਚੇ ਹੋਏ ਪ੍ਰਭਾਵਾਂ ਕਾਰਨ ਇਸ ਸਾਲ ਗਰਮੀ ਦਾ ਅਸਰ ਹੋਰ ਵੀ ਗੰਭੀਰ ਹੋ ਸਕਦਾ ਹੈ।
28 ਮਈ ਤੋਂ ਬਾਅਦ ਮੌਸਮ ਬਦਲਣ ਦੇ ਆਸਾਰ
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 27 ਮਈ ਤੱਕ ਮੌਸਮ ਸੁੱਕਾ ਅਤੇ ਗਰਮ ਰਹੇਗਾ। ਹਾਲਾਂਕਿ 29 ਅਤੇ 30 ਮਈ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਚਾਰ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਹੋਰ ਵਾਧਾ ਹੋ ਸਕਦਾ ਹੈ, ਪਰ ਬਾਅਦ ਵਿੱਚ ਪਾਰੇ ਵਿੱਚ 3 ਤੋਂ 5 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ।
ਧੂੜ ਭਰੀ ਹਨੇਰੀ ਅਤੇ ਤੇਜ਼ ਹਵਾਵਾਂ ਦੀ ਵੀ ਚਿਤਾਵਨੀ
ਮੌਸਮ ਵਿਭਾਗ ਨੇ 28 ਤੋਂ 30 ਮਈ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਧੂੜ ਭਰੀ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਹੈ। ਕੁਝ ਥਾਵਾਂ ‘ਤੇ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

