ਚੰਡੀਗੜ੍ਹ :- ਪੰਜਾਬ ਪੁਲਿਸ ਨੇ 15 ਅਗਸਤ ਦੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਨੂੰ ਦਹਿਲਾਉਣ ਦੀ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਖ਼ੁਫੀਆ ਜਾਣਕਾਰੀ ਦੇ ਆਧਾਰ ‘ਤੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਜਾਣਕਾਰੀ ਅਨੁਸਾਰ, ਇਹ ਸਾਜ਼ਿਸ਼ ਪਾਕਿਸਤਾਨ ਵਿੱਚ ਓਹਲੇ ਬੈਠੇ BKI ਦੇ ਮੈਂਬਰ ਹਰਵਿੰਦਰ ਰਿੰਦਾ ਵੱਲੋਂ ਰਚੀ ਗਈ ਸੀ, ਜਿਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਪੂਰਾ ਸਮਰਥਨ ਮਿਲ ਰਿਹਾ ਸੀ।
ਯੂਕੇ, ਅਮਰੀਕਾ ਤੇ ਯੂਰਪ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸ਼ਖ਼ਸ ਵਿਦੇਸ਼ਾਂ — ਖ਼ਾਸ ਕਰਕੇ ਯੂਕੇ, ਅਮਰੀਕਾ ਅਤੇ ਯੂਰਪ — ਵਿੱਚ ਮੌਜੂਦ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦਾ ਮਕਸਦ ਗ੍ਰਨੇਡਾਂ ਦੀ ਵਰਤੋਂ ਕਰਕੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਪ੍ਰੋਗਰਾਮਾਂ ਨੂੰ ਨਿਸ਼ਾਨਾ ਬਣਾਉਣਾ ਸੀ।
ਹਥਿਆਰਾਂ ਸਮੇਤ ਗ੍ਰਿਫ਼ਤਾਰੀ
ਕਾਰਵਾਈ ਦੌਰਾਨ ਪੁਲਿਸ ਨੇ ਦੋ ਹੈਂਡ ਗ੍ਰਨੇਡ, ਇੱਕ ਬੇਰੇਟਾ 9 ਮਿ.ਮੀ. ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਅਧਿਕਾਰੀਆਂ ਦੇ ਮੁਤਾਬਕ, ਸਮੇਂ ਸਿਰ ਚੁੱਕੇ ਕਦਮਾਂ ਕਰਕੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਟਾਲਿਆ ਗਿਆ ਅਤੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨਾਲ ਨਾਲ ਪੰਜਾਬ ਦੀ ਅਮਨ-ਸ਼ਾਂਤੀ ਨੂੰ ਬਚਾ ਲਿਆ ਗਿਆ।