ਚੰਡੀਗੜ੍ਹ :- ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸ ਸੇਵਾਵਾਂ ਇੱਕ ਵਾਰ ਫਿਰ ਪ੍ਰਭਾਵਿਤ ਹੋ ਸਕਦੀਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 3 ਅਗਸਤ ਤੋਂ 5 ਅਗਸਤ ਤੱਕ ਤਿੰਨ ਦਿਨਾਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨਾਂ ਦੇ ਇਸ ਫ਼ੈਸਲੇ ਨਾਲ ਆਉਣ ਵਾਲੇ ਦਿਨਾਂ ਵਿੱਚ ਹਜ਼ਾਰਾਂ ਯਾਤਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਗਏ ਭਰੋਸਿਆਂ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਮੁੜ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ।
27 ਜੁਲਾਈ ਨੂੰ ਸਾਰੇ ਡਿਪੂਆਂ ‘ਚ ਹੋਣਗੀਆਂ ਗੇਟ ਰੈਲੀਆਂ
ਯੂਨੀਅਨ ਆਗੂਆਂ ਨੇ ਦੱਸਿਆ ਕਿ ਹੜਤਾਲ ਤੋਂ ਪਹਿਲਾਂ 27 ਜੁਲਾਈ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਡਿਪੂਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਰਾਹੀਂ ਮੁਲਾਜ਼ਮ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਸਪੱਸ਼ਟ ਕਰਨਗੇ।
ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੰਨ ਦਿਨ ਚੱਲੇਗਾ ਚੱਕਾ ਜਾਮ
ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਲਈ ਕੰਟਰੈਕਟ ਵਰਕਰ ਹੜਤਾਲ ‘ਤੇ ਰਹਿਣਗੇ। ਇਸ ਦੌਰਾਨ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਦਾ ਸਿੱਧਾ ਅਸਰ ਆਮ ਯਾਤਰੀਆਂ ‘ਤੇ ਪੈ ਸਕਦਾ ਹੈ।

