ਚੰਡੀਗੜ੍ਹ :- ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸੋਮਵਾਰ ਨੂੰ ਪੰਜਾਬ ਪਹੁੰਚਣਗੇ। ਉਹ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਣਗੇ ਤੇ ਸਿੱਧੇ ਰਾਮਦਾਸ ਇਲਾਕੇ ਦਾ ਰੁਖ ਕਰਨਗੇ। ਇੱਥੇ ਉਹ ਹੜ੍ਹ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਨਣਗੇ।
ਗੁਰਦੁਆਰਾ ਬਾਬਾ ਬੁੱਢਾ ਸਾਹਿਬ ‘ਚ ਟੇਕਣਗੇ ਮੱਥਾ
ਰਾਹੁਲ ਗਾਂਧੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਤੇ ਅਰਦਾਸ ਕਰਨਗੇ। ਇਸ ਦੌਰਾਨ ਉਹ ਗੁਰਦੁਆਰੇ ਵਿੱਚ ਸੇਵਾ ਕਰ ਰਹੀ ਸੰਗਤ ਨਾਲ ਗੱਲਬਾਤ ਕਰਨਗੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਨੂੰ ਜਾਣਣ ਦੀ ਕੋਸ਼ਿਸ਼ ਕਰਨਗੇ।
ਰਾਹਤ ਕਾਰਜਾਂ ਬਾਰੇ ਸਥਾਨਕ ਪ੍ਰਸ਼ਾਸਨ ਨਾਲ ਗੱਲਬਾਤ
ਦੌਰੇ ਦੌਰਾਨ ਰਾਹੁਲ ਗਾਂਧੀ ਰਾਹਤ ਸਮੱਗਰੀ ਦੀ ਵੰਡ ਅਤੇ ਪੁਨਰਵਾਸ ਕਾਰਜਾਂ ਦੀ ਸਥਿਤੀ ਬਾਰੇ ਸਥਾਨਕ ਪ੍ਰਸ਼ਾਸਨ ਤੇ ਸਮਾਜਿਕ ਸੰਗਠਨਾਂ ਨਾਲ ਵਿਚਾਰ-ਵਟਾਂਦਰਾ ਕਰਨਗੇ।
ਗੁਰਦਾਸਪੁਰ ਦੇ ਪਿੰਡਾਂ ‘ਚ ਵੀ ਕਰਨਗੇ ਮੁਲਾਕਾਤ
ਸੂਤਰਾਂ ਅਨੁਸਾਰ, ਅੰਮ੍ਰਿਤਸਰ ਦੌਰੇ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਵੀ ਜਾਣਗੇ। ਉੱਥੇ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨਾਲ ਸਿੱਧਾ ਸੰਪਰਕ ਕਰਨਗੇ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਲੈਣਗੇ। ਸ਼ਾਮ ਤੱਕ ਉਹ ਦਿੱਲੀ ਵਾਪਸੀ ਕਰ ਜਾਣਗੇ।
ਹੜ੍ਹ ਨਾਲ ਹਜ਼ਾਰਾਂ ਪਰਿਵਾਰ ਪ੍ਰਭਾਵਿਤ
ਯਾਦ ਰਹੇ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਪਰਿਵਾਰ ਮੁਸੀਬਤ ਵਿੱਚ ਹਨ। ਖੇਤ, ਘਰ ਅਤੇ ਸਮਾਨ ਪਾਣੀ ਹੇਠ ਆ ਚੁੱਕੇ ਹਨ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨ ਰਾਹਤ ਕਾਰਜਾਂ ‘ਚ ਜੁਟੇ ਹੋਏ ਹਨ ਤੇ ਖਾਣ-ਪੀਣ, ਦਵਾਈਆਂ ਅਤੇ ਹੋਰ ਜ਼ਰੂਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ।