ਚੰਡੀਗੜ੍ਹ :- ਪੰਜਾਬ ਵਿੱਚ ਹੜ੍ਹ ਦੇ ਹਾਲਾਤਾਂ ‘ਤੇ ਨਜ਼ਰ ਰੱਖਦੇ ਹੋਏ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਕੁੱਲ 14,936 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਕਈ ਇਲਾਕੇ ਬਹੁਤ ਪ੍ਰਭਾਵਿਤ ਹਨ ਅਤੇ ਰਾਹਤ ਕਾਰਜਾਂ ਲਈ ਪੂਰੀ ਸਰਕਾਰੀ ਮਸ਼ੀਨਰੀ ਦਿਨ-ਰਾਤ ਕੰਮ ਕਰ ਰਹੀ ਹੈ।
122 ਰਾਹਤ ਕੈਂਪਾਂ ਵਿੱਚ 6,582 ਲੋਕ ਠਹਿਰਾਏ ਗਏ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਇਸ ਸਮੇਂ 122 ਰਾਹਤ ਕੈਂਪ ਸਰਗਰਮ ਹਨ, ਜਿਨ੍ਹਾਂ ਵਿੱਚ 6,582 ਵਿਅਕਤੀਆਂ ਨੂੰ ਸੁਰੱਖਿਅਤ ਠਹਿਰਾਇਆ ਗਿਆ ਹੈ। ਮੰਤਰੀ ਮੁੰਡੀਆਂ ਨੇ ਦੱਸਿਆ ਕਿ ਹਰ ਕੈਂਪ ਵਿੱਚ ਜ਼ਰੂਰੀ ਖੁਰਾਕ, ਪਾਣੀ, ਦਵਾਈਆਂ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਜਿਵੇਂ ਜਿਵੇਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਰਹੀ ਹੈ, ਕੈਂਪਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ।
ਫੌਜ, ਐਨਡੀਆਰਐਫ ਤੇ ਐਸਡੀਆਰਐਫ ਦੀ ਸਾਂਝੀ ਮੁਹਿੰਮ
ਰਾਹਤ ਕਾਰਜਾਂ ਵਿੱਚ ਐਨਡੀਆਰਐਫ ਦੀਆਂ ਕਈ ਟੀਮਾਂ ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਅੰਮ੍ਰਿਤਸਰ ਵਿੱਚ ਤੈਨਾਤ ਕੀਤੀਆਂ ਗਈਆਂ ਹਨ। ਐਸਡੀਆਰਐਫ, ਫੌਜ, ਨੇਵੀ, ਏਅਰਫੋਰਸ ਅਤੇ ਬੀਐਸਐਫ ਵੀ ਰਾਹਤ ਉਪਰਾਲਿਆਂ ਵਿੱਚ ਸ਼ਾਮਲ ਹਨ। ਕਈ ਥਾਵਾਂ ‘ਤੇ ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਜਿੱਥੇ ਲੋੜ ਪੈ ਰਹੀ ਹੈ, ਉੱਥੇ ਏਅਰਲਿਫਟ ਦੀ ਵੀ ਸਹਾਇਤਾ ਲਈ ਜਾ ਰਹੀ ਹੈ।
1,312 ਪਿੰਡ ਹੜ੍ਹ ਨਾਲ ਪ੍ਰਭਾਵਿਤ, ਸਰਕਾਰ ਵੱਲੋਂ ਰਾਹਤ ਯਤਨ ਜਾਰੀ
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ 1,312 ਪਿੰਡ ਹੜ੍ਹ ਦੀ ਲਪੇਟ ਵਿੱਚ ਆਏ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ ਅਤੇ ਅੰਮ੍ਰਿਤਸਰ ਸਬ ਤੋਂ ਵੱਧ ਪ੍ਰਭਾਵਿਤ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਲਈ ਤੁਰੰਤ ਰਾਹਤ ਤੇ ਬਚਾਅ ਕਾਰਜ ਜਾਰੀ ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।