ਅੰਮ੍ਰਿਤਸਰ :- ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਥਾਣਾ ਘਟਨਾ ਮਾਮਲੇ ਵਿੱਚ ਗੰਭੀਰ ਧਾਰਾਵਾਂ ਹੇਠ ਦੋਸ਼ ਤੈਅ ਕਰ ਦਿੱਤੇ ਹਨ। ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਹੰਗਾਮੇ ਅਤੇ ਹਮਲੇ ਨਾਲ ਜੁੜਿਆ ਹੋਇਆ ਹੈ।
ਕਈ ਧਾਰਾਵਾਂ ਹੇਠ ਚੱਲੇਗੀ ਕਾਰਵਾਈ
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਤੋਂ ਰੋਕਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਅਪਰਾਧਿਕ ਸਾਜ਼ਿਸ਼ ਅਤੇ ਜਾਨੋਂ ਮਾਰਨ ਦੀ ਧਮਕੀ ਵਰਗੀਆਂ ਧਾਰਾਵਾਂ ਹੇਠ ਦੋਸ਼ ਤੈਅ ਕੀਤੇ ਹਨ।
ਹਾਲਾਂਕਿ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅਸਲਾ ਐਕਟ ਅਤੇ ਸਬੂਤ ਨਸ਼ਟ ਕਰਨ ਨਾਲ ਸੰਬੰਧਤ ਕੁਝ ਧਾਰਾਵਾਂ ਨੂੰ ਰੱਦ ਕਰ ਦਿੱਤਾ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਏ ਸਨ।
ਲਵਪ੍ਰੀਤ ਤੂਫਾਨ ਦੀ ਰਿਹਾਈ ਨੂੰ ਲੈ ਕੇ ਹੋਇਆ ਸੀ ਵਿਵਾਦ
ਇਹ ਸਾਰਾ ਮਾਮਲਾ ਉਸ ਵੇਲੇ ਚਰਚਾ ਵਿੱਚ ਆਇਆ ਸੀ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਅਜਨਾਲਾ ਪੁਲਿਸ ਸਟੇਸ਼ਨ ਦਾ ਘੇਰਾਅ ਕੀਤਾ ਸੀ। ਪੁਲਿਸ ‘ਤੇ ਦਬਾਅ ਬਣਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਥਾਣੇ ਬਾਹਰ ਇਕੱਠੇ ਹੋਏ ਸਨ। ਇਹ ਕਾਰਵਾਈ ਲਵਪ੍ਰੀਤ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੀ ਗਈ ਸੀ, ਜਿਸਨੂੰ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅੰਮ੍ਰਿਤਪਾਲ
ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਕਾਰਵਾਈ ਚਲਾਈ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਵੀ ਕਾਰਵਾਈ ਹੋ ਚੁੱਕੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 16 ਮਈ ਦੀ ਮਿਤੀ ਨਿਰਧਾਰਤ ਕੀਤੀ ਹੈ।

