ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪਹਿਲਾਂ 21 ਅਗਸਤ ਨੂੰ ਨਿਰਧਾਰਤ ਕੀਤੀ ਗਈ ਇਕੱਤਰਤਾ ਹੁਣ 22 ਅਗਸਤ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਕੱਤਰਤਾ 22 ਅਗਸਤ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦਾ ਸਮਰਥਨ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹੋਣ ਵਾਲੇ ਸੰਘਰਸ਼ਾਂ ਦਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਮਰਥਨ ਕੀਤਾ ਜਾਂਦਾ ਹੈ।
ਸਰਕਾਰ ’ਤੇ ਸੰਘਰਸ਼ ਦੀ ਆਵਾਜ਼ ਦਬਾਉਣ ਦਾ ਦੋਸ਼
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਨ੍ਹਾਂ ਮੰਗਾਂ ਲਈ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਅਜਿਹੀ ਕਾਰਵਾਈ ਦਾ ਵਿਰੋਧ ਕਰਨਾ ਚਾਹੀਦਾ ਹੈ।
21 ਅਗਸਤ ਨੂੰ ਦਫ਼ਤਰ ਤੇ ਅਦਾਰੇ ਰਹਿਣਗੇ ਬੰਦ
ਐਡਵੋਕੇਟ ਧਾਮੀ ਨੇ ਦੱਸਿਆ ਕਿ ਪੰਜਾਬ ਬੰਦ ਦੇ ਸਮਰਥਨ ਵਿੱਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਮੇਤ ਇਸ ਦੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।

