ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100ਵੀਂ ਸ਼ਹੀਦੀ ਸ਼ਤਾਬਦੀ 17 ਜੁਲਾਈ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰਵਾਇਆ ਜਾਵੇਗਾ।
15 ਜੁਲਾਈ ਤੋਂ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਬਿਆਨ ਅਨੁਸਾਰ, ਇਸ ਮੌਕੇ 15 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਜਾਣਗੇ। 17 ਜੁਲਾਈ ਨੂੰ ਭੋਗ ਉਪਰੰਤ ਧਾਰਮਿਕ ਅਤੇ ਯਾਦਗਾਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਪੰਥਕ ਸ਼ਖ਼ਸੀਅਤਾਂ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ, ਸੰਘਰਸ਼ ਅਤੇ ਯੋਗਦਾਨ ਬਾਰੇ ਵਿਚਾਰ ਪ੍ਰਗਟ ਕਰਨਗੀਆਂ।
ਪੰਥ ਅਤੇ ਗੁਰਦੁਆਰਾ ਸੁਧਾਰ ਲਹਿਰ ਲਈ ਰਿਹਾ ਅਹਿਮ ਯੋਗਦਾਨ
ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਸਿੱਖ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਪੰਥਕ ਸੰਘਰਸ਼ਾਂ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦੀ ਅਜਿਹੀ ਵਿਰਾਸਤ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਜਾਗਰੂਕਤਾ ਦਾ ਸੰਦੇਸ਼ ਦਿੰਦੀ ਰਹੇਗੀ।
ਸ਼ਹੀਦਾਂ ਦੀ ਵਿਰਾਸਤ ਨੂੰ ਹਮੇਸ਼ਾ ਸਤਿਕਾਰ ਦਿੰਦੀ ਹੈ ਸ਼੍ਰੋਮਣੀ ਕਮੇਟੀ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਸੰਭਾਲਦੀ ਆ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵੀ ਉਨ੍ਹਾਂ ਦੀਆਂ ਪੰਥ ਪ੍ਰਤੀ ਸੇਵਾਵਾਂ ਦਾ ਪ੍ਰਤੀਕ ਹੈ।
‘ਸਤਲੁਜ’ ਫਿਲਮ ‘ਤੇ ਰੋਕ ਖ਼ਿਲਾਫ਼ 10 ਜੁਲਾਈ ਨੂੰ ਰੋਸ ਮਾਰਚ
ਡਿਪਟੀ ਕਮਿਸ਼ਨਰ ਦਫ਼ਤਰ ਤੱਕ ਕੱਢਿਆ ਜਾਵੇਗਾ ਮਾਰਚ
ਸ਼੍ਰੋਮਣੀ ਕਮੇਟੀ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ ‘ਤੇ ਆਧਾਰਿਤ ਫਿਲਮ ‘ਸਤਲੁਜ’ ‘ਤੇ ਲਗਾਈ ਗਈ ਰੋਕ ਦਾ ਵੀ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ 10 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ।
‘ਸੱਚ ਨੂੰ ਦਬਾਉਣ ਦੀ ਕੋਸ਼ਿਸ਼’ ਕਰਾਰ ਦਿੱਤੀ ਪਾਬੰਦੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਸੰਘਰਸ਼ ਅਤੇ ਉਸ ਸਮੇਂ ਸਿੱਖ ਨੌਜਵਾਨਾਂ ਨਾਲ ਹੋਈਆਂ ਕਥਿਤ ਵਧੀਕੀਆਂ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਮ ‘ਤੇ ਪਾਬੰਦੀ ਲਗਾਉਣਾ ਸੱਚ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਜਾਇਜ਼ ਨਹੀਂ ਮੰਨਦੀ।
ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਜਾਵੇਗਾ
ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਰੋਸ ਮਾਰਚ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਵਿੱਚ ਫਿਲਮ ‘ਤੇ ਲਗਾਈ ਗਈ ਰੋਕ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।

