ਭਾਜਪਾ ਦੇ ਸੂਬਾ ਦਫ਼ਤਰ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ :- ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਅਹਿਮ ਸਿਆਸੀ ਤਬਦੀਲੀ ਵੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਨੇ ਅਕਾਲੀ ਦਲ ਨਾਲ ਆਪਣਾ ਨਾਤਾ ਤੋੜਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਨੂੰ ਭਾਜਪਾ ਦੇ ਪੰਜਾਬ ਮੁੱਖ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਨਮਾਨ ਸਹਿਤ ਸਵਾਗਤ ਕੀਤਾ।
ਕੇਵਲ ਸਿੰਘ ਢਿੱਲੋਂ ਨੇ ਜਤਾਇਆ ਭਰੋਸਾ
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਐਡਵੋਕੇਟ ਰਾਜੇਸ਼ ਰਾਣਾ ਕਾਨੂੰਨੀ ਖੇਤਰ ਦਾ ਵਧੀਆ ਤਜਰਬਾ ਰੱਖਦੇ ਹਨ ਅਤੇ ਉਨ੍ਹਾਂ ਦੇ ਭਾਜਪਾ ਨਾਲ ਜੁੜਨ ਨਾਲ ਪਾਰਟੀ ਨੂੰ ਸੰਗਠਨਾਤਮਕ ਅਤੇ ਕਾਨੂੰਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਰਾਣਾ ਨੂੰ ਯੋਗ ਸਨਮਾਨ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ ਫ਼ੈਸਲਾ : ਰਾਜੇਸ਼ ਰਾਣਾ
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਐਡਵੋਕੇਟ ਰਾਜੇਸ਼ ਰਾਣਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਉਹ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ।
ਕਈ ਭਾਜਪਾ ਆਗੂ ਵੀ ਰਹੇ ਮੌਜੂਦ
ਇਸ ਮੌਕੇ ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਮੁਖੀ ਐਨ. ਕੇ. ਵਰਮਾ, ਮੋਹਾਲੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ ਅਤੇ ਲਾਲੜੂ ਸਰਕਲ ਦੇ ਪ੍ਰਧਾਨ ਸੰਜੂ ਰਾਣਾ ਸਮੇਤ ਪਾਰਟੀ ਦੇ ਕਈ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ।

