ਚੰਡੀਗੜ੍ਹ :- ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਬਰਫਬਾਰੀ ਦਾ ਪ੍ਰਭਾਵ ਹੁਣ ਮੈਦਾਨੀ ਖੇਤਰਾਂ ਵਿੱਚ ਸਾਫ਼ ਨਜ਼ਰ ਆਉਣ ਲੱਗਾ ਹੈ। ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ, ਜਿਸ ਕਾਰਨ ਠੰਢ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਮੌਸਮ ਵਿਭਾਗ ਵੱਲੋਂ ਅੱਜ ਅਤੇ ਕੱਲ੍ਹ ਲਈ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਛੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਐਏਸ ਨਗਰ ਮੋਹਾਲੀ ਸ਼ਾਮਲ ਹਨ।
ਇਨ੍ਹਾਂ ਜ਼ਿਲ੍ਹਿਆਂ ਲਈ ਧੁੰਦ ਦਾ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਸੰਘਣੀ ਧੁੰਦ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਤਾਪਮਾਨ ਵਿੱਚ ਵੱਡੀ ਗਿਰਾਵਟ ਦਰਜ
ਮੌਸਮ ਵਿੱਚ ਆਏ ਅਚਾਨਕ ਬਦਲਾਅ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 8.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ ਲਗਭਗ 4.1 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 11.4 ਡਿਗਰੀ ਤੋਂ 20.2 ਡਿਗਰੀ ਸੈਲਸੀਅਸ ਤੱਕ ਰਿਹਾ।
ਘੱਟ ਤੋਂ ਘੱਟ ਤਾਪਮਾਨ 8.5 ਡਿਗਰੀ ਤੋਂ 14.5 ਡਿਗਰੀ ਦਰਮਿਆਨ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ 8.5 ਡਿਗਰੀ ਗੁਰਦਾਸਪੁਰ ਵਿੱਚ ਰਿਕਾਰਡ ਹੋਇਆ।
ਮੀਂਹ ਤੇ ਤੇਜ਼ ਹਵਾਵਾਂ ਨਾਲ ਕਈ ਥਾਵਾਂ ਨੁਕਸਾਨ
ਬੀਤੇ ਦਿਨ ਹੋਏ ਮੀਂਹ ਅਤੇ ਤੇਜ਼ ਝੱਖੜਾਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਨੁਕਸਾਨ ਦੀਆਂ ਖ਼ਬਰਾਂ ਸਾਹਮਣੇ ਆਈਆਂ। ਕਰਤਾਰਪੁਰ ਮੁਹੱਲਾ ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਇੱਕ 18 ਸਾਲਾ ਨੌਜਵਾਨ ਦੀ ਮੌਤ ਹੋ ਗਈ।
ਕਈ ਥਾਵਾਂ ‘ਤੇ ਘਰਾਂ ਦੀਆਂ ਛੱਤਾਂ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ। ਗੁਰਦਾਸਪੁਰ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਪੋਲਟਰੀ ਫਾਰਮ ਵਿੱਚ 8 ਹਜ਼ਾਰ ਤੋਂ ਵੱਧ ਚੂਚਿਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਦਰੱਖਤ ਅਤੇ ਬਿਜਲੀ ਦੇ ਖੰਭੇ ਡਿੱਗਣ ਨਾਲ ਆਵਾਜਾਈ ਪ੍ਰਭਾਵਿਤ ਰਹੀ।
ਚੰਡੀਗੜ੍ਹ ਵਿੱਚ ਇੱਕ ਘਰ ਡਿੱਗਣ ਕਾਰਨ ਤਿੰਨ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
26 ਜਨਵਰੀ ਤੋਂ ਮੁੜ ਮੌਸਮ ਬਦਲਣ ਦੇ ਆਸਾਰ
ਮੌਸਮ ਵਿਭਾਗ ਅਨੁਸਾਰ ਇਸ ਸਮੇਂ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਨਮੀ ਪਾਕਿਸਤਾਨ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵੱਲ ਵਧ ਰਹੀ ਹੈ। ਇਸ ਕਾਰਨ ਮੌਸਮ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦੇ ਹਾਲਾਤ ਬਣੇ ਹੋਏ ਹਨ।
26 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਮੀਂਹ, ਠੰਢ ਅਤੇ ਸੰਘਣੀ ਧੁੰਦ ਵਿੱਚ ਹੋਰ ਵਾਧਾ ਹੋ ਸਕਦਾ ਹੈ।
ਗੁਰਦਾਸਪੁਰ ਵਿੱਚ ਸਭ ਤੋਂ ਵੱਧ ਬਾਰਿਸ਼ ਦਰਜ
ਇਸ ਮਹੀਨੇ ਦੌਰਾਨ ਪੰਜਾਬ ਵਿੱਚ ਹੁਣ ਤੱਕ ਆਮ ਨਾਲੋਂ 18 ਫੀਸਦ ਵੱਧ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ। ਗੁਰਦਾਸਪੁਰ ਵਿੱਚ 40.3 ਮਿਲੀਮੀਟਰ ਮੀਂਹ ਪਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 23 ਮਿਲੀਮੀਟਰ, ਅੰਮ੍ਰਿਤਸਰ ਵਿੱਚ 19.8 ਮਿਲੀਮੀਟਰ, ਕਪੂਰਥਲਾ ਵਿੱਚ 13 ਮਿਲੀਮੀਟਰ, ਮੋਗਾ ਵਿੱਚ 13.2 ਮਿਲੀਮੀਟਰ ਅਤੇ ਸੰਗਰੂਰ ਵਿੱਚ 21.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਫਤਿਹਗੜ੍ਹ ਸਾਹਿਬ ਵਿੱਚ 4 ਮਿਲੀਮੀਟਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ 2.8 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ।
ਅਗਲੇ ਦਿਨਾਂ ਲਈ ਮੌਸਮ ਦਾ ਅਨੁਮਾਨ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅੱਜ ਅਤੇ 26 ਜਨਵਰੀ ਨੂੰ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। 27 ਜਨਵਰੀ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 28 ਜਨਵਰੀ ਨੂੰ ਵੀ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।
ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਤੱਕ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਮੁੜ ਗਿਰਾਵਟ ਆ ਸਕਦੀ ਹੈ

