ਚੰਡੀਗੜ੍ਹ :- ਤਰਨਤਾਰਨ ਦੇ ਥਾਣਾ ਸਦਰ ਵਿੱਚ ਮੁਕੱਦਮਾ ਨੰਬਰ 276/20 ਮਿਤੀ 26 ਅਗਸਤ 2020 ਨੂੰ ਦਰਜ ਕੀਤਾ ਗਿਆ ਸੀ, ਜਿਸ ਵਿੱਚ ਧਾਰਾਵਾਂ 188, 269, 270 ਆਈ.ਪੀ.ਸੀ. ਅਤੇ 15-B ਡਿਜਾਸਟਰ ਮੈਨੇਜਮੈਂਟ ਐਕਟ ਲਗਾਈਆਂ ਗਈਆਂ ਸਨ। ਇਸ ਮਾਮਲੇ ਅਧੀਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਥਾਨਕ ਅਦਾਲਤ ਵਿੱਚ ਪੇਸ਼ ਹੋਏ।
ਡਿਪਟੀ ਸਪੀਕਰ ਨੇ ਮੁਆਫੀ ਮੰਗੀ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਹਾਜ਼ਰੀ ਮੁਆਫੀ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਉਹ ਅੱਜ ਪੇਸ਼ ਨਹੀਂ ਹੋਏ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਪੇਸ਼ੀ 18 ਅਕਤੂਬਰ ਨੂੰ ਰੱਖੀ ਗਈ ਹੈ।
ਧਰਨਾ ਤੇ ਕੇਸ ਦਾ ਪਿਛੋਕੜ
ਗੌਰਤਲਬ ਹੈ ਕਿ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੇ ਕਰੋਨਾ ਪਾਬੰਦੀਆਂ ਦੀ ਉਲੰਘਣਾ ਕਰਦਿਆਂ ਐਸ.ਐਸ.ਪੀ. ਦਫ਼ਤਰ ਸਾਹਮਣੇ ਧਰਨਾ ਦਿੱਤਾ ਸੀ। ਉਸ ਸਮੇਂ ਤਦਕਾਲੀ ਸਰਕਾਰ ਵੱਲੋਂ ਆਗੂਆਂ ਖ਼ਿਲਾਫ ਦੋ ਮਾਮਲੇ ਦਰਜ ਕੀਤੇ ਗਏ ਸਨ।
ਵਕੀਲ ਦਾ ਬਿਆਨ
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਕੀਲ ਬੂਟਾ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚੋਂ ਇੱਕ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਬਰੀ ਕਰ ਦਿੱਤਾ ਗਿਆ ਹੈ, ਜਦਕਿ ਦੂਜੇ ਮਾਮਲੇ ਵਿੱਚ ਅੱਜ ਉਹ ਪੇਸ਼ ਹੋਏ ਹਨ।