ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਠੀਕ ਪਹਿਲਾਂ, ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁਹਾਲੀ ਦੇ ਫੇਜ਼-8 ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਵੀ ਮੌਜੂਦ ਰਹੀ। ਸੰਧਵਾਂ ਨੇ ਇੱਥੇ ਅਰਦਾਸ ਕਰਦੇ ਹੋਏ ਆਉਣ ਵਾਲੀ ਕਾਰਵਾਈ ਦੀ ਸਫਲਤਾ ਲਈ ਅਸੀਸਾਂ ਮੰਗੀਆਂ।
ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ
ਗੁਰਦੁਆਰਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੀਕਰ ਨੇ ਸਾਰਿਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦੇ ਇਜਲਾਸ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਲਿਆਂਦੇ ਜਾਣ ਵਾਲੇ ਕਾਨੂੰਨੀ ਪ੍ਰਸਤਾਵ ਦੀ ਚਰਚਾ ਮਹੱਤਵਪੂਰਨ ਰਹੇਗੀ ਅਤੇ ਇਸ ਸਬੰਧੀ ਉਨ੍ਹਾਂ ਨੇ ਸੁਚੱਜੀ ਕਾਰਵਾਈ ਲਈ ਅਰਦਾਸ ਕੀਤੀ ਹੈ।
ਸ਼ਰਧਾਲੂਆਂ ਨਾਲ ਕੀਤੀ ਮੁਲਾਕਾਤ, ਮਸਲਿਆਂ ‘ਤੇ ਕੀਤੀ ਚਰਚਾ
ਸੰਧਵਾਂ ਨੇ ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਆਏ ਹੋਏ ਸ਼ਰਧਾਲੂਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਰਾਏਆਂ ਸੁਣੀਆਂ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਹੀ ਅਜਿਹੇ ਸੰਵੇਦਨਸ਼ੀਲ ਮਸਲਿਆਂ ਦਾ ਹੱਲ ਸੰਭਵ ਹੈ।
ਵਿਰੋਧੀ ਸਵਾਲਾਂ ‘ਤੇ ਕੀਤਾ ਜਵਾਬੀ ਹਮਲਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬੇਅਦਬੀ ਸਬੰਧੀ ਬਿੱਲ ਨੂੰ ਲੈ ਕੇ ਉਠਾਏ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸਪੀਕਰ ਨੇ ਕਿਹਾ ਕਿ ਜਦੋਂ ਉਹਨਾਂ ਦੀ ਸਰਕਾਰ ਸੀ, ਤਾਂ ਇਸ ਮਾਮਲੇ ‘ਤੇ ਢੁਕਵੇਂ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਸਮਾਣਾ ਵਿੱਚ ਚੱਲ ਰਹੇ ਟਾਵਰ ਮੋਰਚੇ ‘ਤੇ ਜਾਣ ਦਾ ਮਨ ਬਣਾਇਆ ਹੋਇਆ ਹੈ।
ਪ੍ਰਸ਼ਾਸਨਿਕ ਅਧਿਕਾਰੀ ਵੀ ਰਹੇ ਮੌਜੂਦ
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਡੀਐਸਪੀ ਹਰਸਿਮਰਨ ਸਿੰਘ ਬੱਲ ਸਮੇਤ ਹੋਰ ਅਧਿਕਾਰੀ ਮੌਕੇ ‘ਤੇ ਹਾਜ਼ਰ ਰਹੇ।

