ਅੰਮ੍ਰਿਤਸਰ :- ਕੈਨੇਡਾ ਦੇ ਸਰੀ ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਨਾਲ ਸਬੰਧਤ ਪਾਵਨ ਸਰੂਪਾਂ ਦੇ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਪ੍ਰਬੰਧਕਾਂ ਤੋਂ ਜਵਾਬ ਮੰਗਿਆ ਗਿਆ ਹੈ। ਸਕੱਤਰੇਤ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐਸੋਸੀਏਸ਼ਨ ਨੂੰ 15 ਦਿਨਾਂ ਦੇ ਅੰਦਰ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਾ ਹੋਵੇਗਾ।
ਟੋਰਾਂਟੋ ਤੋਂ ਪਾਵਨ ਸਰੂਪ ਲੈਣ ਪਹੁੰਚੇ ਸਨ ਸਿੰਘ
ਮਾਮਲੇ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਟੋਰਾਂਟੋ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਾਪਤ ਕਰਨ ਲਈ ਸਰੀ ਦੇ ਸਬੰਧਤ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਸ ਦੌਰਾਨ ਪਾਵਨ ਸਰੂਪ ਲਿਜਾਣ ਲਈ ਆਈਆਂ ਗੱਡੀਆਂ ਦੀ ਮਰਿਆਦਾ ਅਤੇ ਸਤਿਕਾਰ ਦੇ ਪੱਖ ਤੋਂ ਲੋੜੀਂਦੀ ਜਾਂਚ ਕੀਤੇ ਜਾਣ ਸਬੰਧੀ ਸਵਾਲ ਉੱਠੇ। ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪਹੁੰਚੀ ਜਾਣਕਾਰੀ ਦੇ ਆਧਾਰ ’ਤੇ ਹੁਣ ਪ੍ਰਬੰਧਕਾਂ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਸੰਗਤ ਦੇ ਇਤਰਾਜ਼ ਤੋਂ ਬਾਅਦ ਸਰੂਪ ਮੁੜ ਗੁਰਦੁਆਰਾ ਸਾਹਿਬ ਲਿਆਂਦੇ
ਇਸ ਘਟਨਾ ਦੌਰਾਨ ਸਥਾਨਕ ਸੰਗਤ ਵੱਲੋਂ ਇਤਰਾਜ਼ ਪ੍ਰਗਟ ਕੀਤੇ ਜਾਣ ਤੋਂ ਬਾਅਦ ਪਾਵਨ ਸਰੂਪ ਮੁੜ ਗੁਰਦੁਆਰਾ ਸਾਹਿਬ ਵਿਖੇ ਬਿਰਾਜਮਾਨ ਕਰਵਾਏ ਗਏ ਸਨ। ਇਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਸੰਗਤ ਤੋਂ ਖਿਮਾ ਜਾਚਨਾ ਵੀ ਕੀਤੀ ਗਈ ਸੀ।
ਪਾਵਨ ਸਰੂਪਾਂ ਦਾ ਪੂਰਾ ਰਿਕਾਰਡ ਵੀ ਮੰਗਿਆ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰੀ ਸਥਿਤ ਗੁਰਦੁਆਰਾ ਸਾਹਿਬ ਨੂੰ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਵੀ ਪੂਰਾ ਵੇਰਵਾ ਮੰਗਿਆ ਗਿਆ ਹੈ। ਪ੍ਰਬੰਧਕਾਂ ਨੂੰ ਦੱਸਣਾ ਹੋਵੇਗਾ ਕਿ ਹੁਣ ਤੱਕ ਕਿੰਨੇ ਪਾਵਨ ਸਰੂਪ ਸੰਗਤਾਂ ਨੂੰ ਦਿੱਤੇ ਗਏ ਅਤੇ ਇਸ ਸਮੇਂ ਕਿੰਨੇ ਸਰੂਪ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਹਨ।
ਹੋਰ ਸਰੂਪਾਂ ਦੀ ਮੰਗ ਬਾਰੇ ਵੀ ਦੇਣੀ ਹੋਵੇਗੀ ਜਾਣਕਾਰੀ
ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕਾਂ ਤੋਂ ਭਵਿੱਖ ਵਿੱਚ ਲੋੜੀਂਦੇ ਹੋਰ ਪਾਵਨ ਸਰੂਪਾਂ ਦੀ ਮੰਗ ਸਬੰਧੀ ਵੀ ਜਾਣਕਾਰੀ ਮੰਗੀ ਗਈ ਹੈ। ਇਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਵਨ ਸਰੂਪਾਂ ਨਾਲ ਸਬੰਧਤ ਸਮੁੱਚੇ ਮਾਮਲੇ ਦਾ ਵੇਰਵਾ ਇਕੱਠਾ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ।
ਸੰਗਤ ਨੂੰ ਸਦਭਾਵਨਾ ਬਣਾਈ ਰੱਖਣ ਦੀ ਅਪੀਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਤਹਿਤ ਜਾਰੀ ਹਦਾਇਤਾਂ ਵਿੱਚ ਬੀ.ਸੀ. ਕੈਨੇਡਾ ਦੀ ਸੰਗਤ ਨੂੰ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿੱਚ ਰਹਿੰਦਿਆਂ ਆਪਸੀ ਪ੍ਰੇਮ, ਸਦਭਾਵਨਾ ਅਤੇ ਇਤਫ਼ਾਕ ਬਣਾਈ ਰੱਖਣ ਲਈ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

