ਚੰਡੀਗੜ੍ਹ :- ਪੰਜਾਬ ਵਿੱਚ ਪੀ.ਆਰ.ਟੀ.ਸੀ. ਅਤੇ ਪਨਬਸ ਦੇ ਕੱਚੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਹੜਤਾਲ ਦੇ ਮੱਦੇਨਜ਼ਰ ਕਈ ਥਾਵਾਂ ਤੇ ਅੱਜ ਸਰਕਾਰੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਰਹੀ, ਜਿਸ ਕਾਰਨ ਯਾਤਰੀਆਂ ਨੂੰ ਆਪਣੇ ਸਫ਼ਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਹੜਤਾਲ ਤੋਂ ਪਹਿਲਾਂ ਹੀ ਡਿਪੂਆਂ ਵਿੱਚ ਖੜ੍ਹੀਆਂ ਕੀਤੀਆਂ ਬੱਸਾਂ
ਯੂਨੀਅਨ ਨੇ 3 ਅਗਸਤ ਤੋਂ ਹੜਤਾਲ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਹੀ ਸ਼ਾਮ ਨੂੰ ਕਈ ਡਿਪੂਆਂ ਵਿੱਚ ਡਰਾਈਵਰਾਂ ਅਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ ਖੜ੍ਹੀਆਂ ਕਰਕੇ ਉਨ੍ਹਾਂ ਦੀਆਂ ਚਾਬੀਆਂ ਸਬੰਧਤ ਅਧਿਕਾਰੀਆਂ ਦੇ ਹਵਾਲੇ ਕਰ ਦਿੱਤੀਆਂ
ਯਾਤਰੀਆਂ ਨੂੰ ਕਰਨਾ ਪਿਆ ਪਰੇਸ਼ਾਨੀ ਦਾ ਸਾਹਮਣਾ
ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਵੱਖ-ਵੱਖ ਬੱਸ ਅੱਡਿਆਂ ਤੇ ਯਾਤਰੀ ਲੰਬੇ ਸਮੇਂ ਤੱਕ ਉਡੀਕ ਕਰਦੇ ਨਜ਼ਰ ਆਏ। ਖ਼ਾਸ ਕਰਕੇ ਰੋਜ਼ਾਨਾ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਮਹਿਲਾ ਯਾਤਰੀਆਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੁਹਰਾਈਆਂ
ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਹਰਕੇਸ਼ ਵਿੱਕੀ ਪਟਿਆਲਾ ਨੇ ਕਿਹਾ ਕਿ ਹੜਤਾਲ ਦਾ ਉਦੇਸ਼ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਵੱਲ ਧਿਆਨ ਖਿੱਚਣਾ ਹੈ। ਯੂਨੀਅਨ ਦੇ ਆਗੂ ਰੇਸ਼ਮ ਸਿੰਘ ਗਿੱਲ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਸੰਗਠਨਕ ਮੰਗਾਂ ਨੂੰ ਲੈ ਕੇ ਇਹ ਅੰਦੋਲਨ ਕੀਤਾ ਜਾ ਰਿਹਾ ਹੈ।

