ਚੰਡੀਗੜ੍ਹ :- ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਇੱਕ ਮਹੱਤਵਪੂਰਨ ਪਹਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੇ ਲਾਡਾ ਕੋਠੀ ਤੋਂ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜਿਸ ਨਾਲ ਡਾਇਲ 112 ਸੇਵਾ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ।
ਸੂਬੇ ਦੇ ਹਰ ਕੋਨੇ ਤੱਕ ਪਹੁੰਚੇਗੀ ਸੇਵਾ
ਇਹ ਨਵੇਂ ਵਾਹਨ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਤੱਕ ਤੁਰੰਤ ਮਦਦ ਪਹੁੰਚ ਸਕੇ। ਡਾਇਲ 112 ‘ਤੇ ਕਾਲ ਕਰਨ ‘ਤੇ ਇਹ ਟੀਮਾਂ ਮੌਕੇ ‘ਤੇ ਜਲਦੀ ਪਹੁੰਚਣ ਲਈ ਤਿਆਰ ਰਹਿਣਗੀਆਂ।
ਆਧੁਨਿਕ ਤਕਨਾਲੋਜੀ ਨਾਲ ਲੈਸ ਵਾਹਨ
ਨਵੇਂ ਐਮਰਜੈਂਸੀ ਵਾਹਨਾਂ ਵਿੱਚ ਮੋਬਾਈਲ ਡਾਟਾ ਟਰਮੀਨਲ, ਸਮਾਰਟਫੋਨ, ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਅਤੇ ਜੀਪੀਐਸ ਟਰੈਕਿੰਗ ਵਰਗੀਆਂ ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਇਹ ਸਹੂਲਤਾਂ ਪੁਲਿਸ ਦੇ ਕੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ।
ਲੋਕਾਂ ਨਾਲ ਸਿੱਧੀ ਗੱਲਬਾਤ ਵੀ ਕਰਣਗੇ ਮੁੱਖ ਮੰਤਰੀ
ਵਾਹਨਾਂ ਦੀ ਰਵਾਨਗੀ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੰਬੋਧਨ ਵੀ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰ ਦੀਆਂ ਯੋਜਨਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

