ਮੋਗਾ :- ਮੋਗਾ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨੀ ਵਿਵਸਥਾ ਨੂੰ ਸੁਚਾਰੂ ਰੱਖਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਸਖ਼ਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਦਾਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਲਾਗੂ ਕੀਤੇ ਗਏ ਹਨ।
ਜਨਤਕ ਇਕੱਠਾਂ ਅਤੇ ਸਮਾਗਮਾਂ ‘ਚ ਹਥਿਆਰ ਲਿਜਾਣ ਮਨਾਹੀ
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੋਗਾ ਦੀ ਹੱਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ, ਸਮਾਜਿਕ ਜਾਂ ਹੋਰ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਦੌਰਾਨ ਹਥਿਆਰ ਲੈ ਕੇ ਜਾਣ ਜਾਂ ਉਨ੍ਹਾਂ ਦੀ ਨੁਮਾਇਸ਼ ਕਰਨ ‘ਤੇ ਪੂਰੀ ਤਰ੍ਹਾਂ ਰੋਕ ਰਹੇਗੀ।
ਹਿੰਸਾ ਨੂੰ ਉਕਸਾਉਣ ਵਾਲੇ ਗੀਤਾਂ ‘ਤੇ ਵੀ ਰੋਕ
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣਾ ਜਾਂ ਪ੍ਰਚਾਰਿਤ ਕਰਨਾ ਵੀ ਕਾਨੂੰਨੀ ਉਲੰਘਣਾ ਮੰਨੀ ਜਾਵੇਗੀ। ਅਜਿਹੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਨਫਰਤੀ ਭਾਸ਼ਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਕਿਸੇ ਵੀ ਭਾਈਚਾਰੇ ਜਾਂ ਵਰਗ ਵਿਰੁੱਧ ਨਫਰਤ ਫੈਲਾਉਣ ਵਾਲੇ ਭਾਸ਼ਣ ਜਾਂ ਬਿਆਨ ਬਰਦਾਸ਼ਤ ਨਹੀਂ ਕੀਤੇ ਜਾਣਗੇ। ਅਜਿਹੇ ਮਾਮਲਿਆਂ ਵਿੱਚ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣਗੇ।
10 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
ਸਾਗਰ ਸੇਤੀਆ ਨੇ ਦੱਸਿਆ ਕਿ ਇਹ ਪਾਬੰਦੀ ਆਦੇਸ਼ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਰੀ ਕੀਤੇ ਗਏ ਹਨ ਅਤੇ ਇਹ ਹੁਕਮ 10 ਮਾਰਚ 2026 ਤੱਕ ਲਾਗੂ ਰਹਿਣਗੇ। ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਕਾਨੂੰਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

