ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਿਹਤ ਸਬੰਧੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਨਾਂਦੇੜ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ। ਸਿਹਤ ਵਿੱਚ ਸੁਧਾਰ ਨੂੰ ਦੇਖਦਿਆਂ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ।
ਸੱਜੇ ਗੁੱਟ ’ਤੇ ਲੱਗੀ ਸੀ ਕ੍ਰਿਪਾਨ, ਲੱਗੇ 9 ਟਾਂਕੇ
ਹਮਲੇ ਦੌਰਾਨ ਸੁਖਬੀਰ ਬਾਦਲ ਦੇ ਸੱਜੇ ਗੁੱਟ ’ਤੇ ਕ੍ਰਿਪਾਨ ਲੱਗੀ ਸੀ, ਜਿਸ ਕਾਰਨ ਉਨ੍ਹਾਂ ਨੂੰ ਸੱਟ ਲੱਗੀ। ਇਲਾਜ ਦੌਰਾਨ ਉਨ੍ਹਾਂ ਦੇ ਗੁੱਟ ’ਤੇ 9 ਟਾਂਕੇ ਲਗਾਏ ਗਏ ਹਨ। ਦੱਸਿਆ ਗਿਆ ਹੈ ਕਿ ਹਮਲੇ ਸਮੇਂ ਉਨ੍ਹਾਂ ਨੇ ਬਚਾਅ ਲਈ ਆਪਣਾ ਸੱਜਾ ਹੱਥ ਅੱਗੇ ਕੀਤਾ ਸੀ, ਜਿਸ ਕਾਰਨ ਕ੍ਰਿਪਾਨ ਗੁੱਟ ’ਤੇ ਲੱਗੀ।
ਨਾਂਦੇੜ ’ਚ ਪਰਿਵਾਰ ਦੀ ਸੁਰੱਖਿਆ ਵਧਾਈ
ਸੁਖਬੀਰ ਸਿੰਘ ਬਾਦਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਨਾਂਦੇੜ ਵਿੱਚ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਹਰਸਿਮਰਤ ਕੌਰ ਬਾਦਲ ਆਪਣੇ ਪਰਿਵਾਰ ਸਮੇਤ ਨਾਂਦੇੜ ਵਿੱਚ ਹੀ ਮੌਜੂਦ ਹਨ ਅਤੇ ਇੱਕ ਨਿੱਜੀ ਹੋਟਲ ਵਿੱਚ ਠਹਿਰੇ ਹੋਏ ਹਨ। ਹੋਟਲ ਦੇ ਆਲੇ-ਦੁਆਲੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।
ਗੁਰਦੁਆਰਾ ਸਾਹਿਬ ਨੇੜੇ ਹੋਇਆ ਸੀ ਹਮਲਾ
ਸੁਖਬੀਰ ਬਾਦਲ ਦੇ ਪੰਜਾਬ ਤੋਂ ਨਾਂਦੇੜ ਪਹੁੰਚਣ ਤੋਂ ਬਾਅਦ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਨੇੜੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮਾਮਲੇ ਵਿੱਚ ਕਥਿਤ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਅਤੇ ਘਟਨਾ ਦੀ ਅਗਲੇਰੀ ਜਾਂਚ ਜਾਰੀ ਹੈ। ਮੁੱਖ ਮੰਤਰੀ ਵੱਲੋਂ ਵੀ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕੀਤਾ ਸੀ ਫੋਨ
ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਸੀ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਸੁਖਬੀਰ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ।

