ਨਵੀਂ ਦਿੱਲੀ :- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੀ.ਬੀ.ਆਈ. ਜਾਂਚ ਨਾਲ ਜੁੜੇ ਮਾਮਲੇ ਵਿੱਚ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਜਾਂਚ ਏਜੰਸੀ ਨੂੰ ਮਾਮਲੇ ਨਾਲ ਸਬੰਧਤ ਵਿਅਕਤੀਆਂ ਅਤੇ ਅਧਿਕਾਰੀਆਂ ਵਿਰੁੱਧ ਜ਼ਬਰੀ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਇਸ ਹੁਕਮ ਨਾਲ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਅਤੇ ਹੋਰਨਾਂ ਨੂੰ ਰਾਹਤ ਮਿਲੀ ਹੈ। ਉਹ ਜਾਂਚ ਵਿੱਚ ਸ਼ਾਮਲ ਹੋ ਸਕਣਗੇ, ਪਰ ਉਨ੍ਹਾਂ ਵਿਰੁੱਧ ਗ੍ਰਿਫ਼ਤਾਰੀ ਸਮੇਤ ਜ਼ਬਰੀ ਕਾਰਵਾਈ ਨਹੀਂ ਕੀਤੀ ਜਾ ਸਕੇਗੀ।
ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ। ਅਦਾਲਤ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਜਾਂਚ ’ਤੇ ਪੂਰੀ ਤਰ੍ਹਾਂ ਰੋਕ ਲਾਉਣ ਦੀ ਕੀਤੀ ਮੰਗ ਨੂੰ ਅਦਾਲਤ ਨੇ ਸਵੀਕਾਰ ਨਹੀਂ ਕੀਤਾ।
ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਦਿੱਤੀ ਸੀ ਚੁਣੌਤੀ
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਨ੍ਹਾਂ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸ.ਐੱਲ.ਪੀ.) ਦਾਇਰ ਕੀਤੀ ਸੀ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੇ ਬੈਂਚ ਨੇ ਸੁਣਵਾਈ ਦੌਰਾਨ ਸੀ.ਬੀ.ਆਈ. ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਅਤੇ ਜ਼ਬਰੀ ਕਾਰਵਾਈ ’ਤੇ ਰੋਕ ਲਗਾ ਦਿੱਤੀ।