ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੇ ਬਦਲਾਅ ਦੀ ਚਰਚਾ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਸਾਬਕਾ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਸਿਆਸੀ ਗਲਿਆਰਿਆਂ ਵਿੱਚ ਇਹ ਗੱਲ ਚਰਚਾ ਦਾ ਕੇਂਦਰ ਬਣੀ ਹੋਈ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਪਟਿਆਲਾ ਪਹੁੰਚ ਸਕਦੇ ਹਨ।
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਮਗਰੋਂ ਹੋਏ ਸਨ ਮੁਅੱਤਲ
ਬੀਤੇ ਦਿਨਾਂ ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਵੱਲੋਂ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਪਾਰਟੀ ਨੇ ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ ਸਨ। ਇਸ ਕਾਰਵਾਈ ਤੋਂ ਬਾਅਦ ਹੀ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਸੰਪਰਕਾਂ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ।
ਅੰਦਰਖਾਤੇ ਤੈਅ ਹੋ ਚੁੱਕੀ ਹੈ ਗੱਲਬਾਤ
ਸੂਤਰਾਂ ਮੁਤਾਬਕ ਸੁਰਜੀਤ ਸਿੰਘ ਰੱਖੜਾ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਗੱਲਬਾਤ ਚੱਲ ਰਹੀ ਸੀ। ਜਾਣਕਾਰੀ ਇਹ ਵੀ ਮਿਲ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਿਆਸੀ ਰਣਨੀਤੀ ਅਤੇ ਭਵਿੱਖੀ ਭੂਮਿਕਾ ਬਾਰੇ ਸਹਿਮਤੀ ਬਣ ਚੁੱਕੀ ਹੈ।
ਪਟਿਆਲਾ ਦੀ ਸਿਆਸਤ ਵਿੱਚ ਆ ਸਕਦਾ ਹੈ ਨਵਾਂ ਮੋੜ
ਰੱਖੜਾ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਸੰਭਾਵਨਾ ਨਾਲ ਪਟਿਆਲਾ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਖੇਤਰੀ ਸਿਆਸੀ ਸਮੀਕਰਨਾਂ ’ਤੇ ਅਸਰ ਪੈ ਸਕਦਾ ਹੈ। ਦੂਜੇ ਪਾਸੇ ਵਿਰੋਧੀ ਧਿਰ ਵੀ ਇਸ ਮਾਮਲੇ ’ਤੇ ਨਿਗਾਹ ਬਣਾਈ ਹੋਈ ਹੈ।

