ਮੋਹਾਲੀ :- ਮੋਹਾਲੀ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਟਰੈਫਿਕ ਪੁਲਿਸ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਡੀਐਸਪੀ ਟਰੈਫਿਕ ਕਰਨੈਲ ਸਿੰਘ ਖੁਦ ਮੌਕੇ ‘ਤੇ ਪਹੁੰਚੇ ਅਤੇ ਬੱਸਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਸੀਸੀਟੀਵੀ ਕੈਮਰੇ ਚਾਲੂ ਨਾ ਹੋਣ ‘ਤੇ ਹੋਣਗੇ ਮੋਟੇ ਚਲਾਨ
ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਹਰ ਸਕੂਲ ਬੱਸ ਵਿੱਚ ਸੀਸੀਟੀਵੀ ਕੈਮਰੇ ਸਹੀ ਤਰ੍ਹਾਂ ਕੰਮ ਕਰ ਰਹੇ ਹਨ ਜਾਂ ਨਹੀਂ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਕਿਸੇ ਵੀ ਬੱਸ ਵਿੱਚ ਕੈਮਰੇ ਬੰਦ ਜਾਂ ਖ਼ਰਾਬ ਮਿਲੇ ਤਾਂ ਸੰਬੰਧਤ ਸਕੂਲ ਪ੍ਰਬੰਧਨ ਅਤੇ ਡਰਾਈਵਰ ਖ਼ਿਲਾਫ਼ ਭਾਰੀ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਫਸਟ ਏਡ ਕਿੱਟ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਦਵਾਈਆਂ ਦੀ ਮਿਆਦ ਬਾਰੇ ਖ਼ਾਸ ਧਿਆਨ ਦੇਣ ਲਈ ਕਿਹਾ ਗਿਆ।
ਡਰਾਈਵਰਾਂ ਦੇ ਤਜਰਬੇ ਅਤੇ ਵੈਰੀਫਿਕੇਸ਼ਨ ਲਾਜ਼ਮੀ
ਡੀਐਸਪੀ ਕਰਨੈਲ ਸਿੰਘ ਨੇ ਸਕੂਲ ਪ੍ਰਸ਼ਾਸਨਾਂ ਨੂੰ ਹੁਕਮ ਦਿੱਤਾ ਕਿ ਬੱਸ ਚਲਾਉਣ ਵਾਲੇ ਹਰ ਡਰਾਈਵਰ ਕੋਲ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਨਾਲ ਹੀ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਂਦਿਆਂ ਡਰਾਈਵਰਾਂ ਅਤੇ ਕੰਡਕਟਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣਾ ਵੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ।
ਨਿਯਮਾਂ ਦੀ ਅਣਦੇਖੀ ‘ਤੇ ਕਾਨੂੰਨੀ ਕਾਰਵਾਈ
ਟਰੈਫਿਕ ਪੁਲਿਸ ਨੇ ਸਪਸ਼ਟ ਕੀਤਾ ਕਿ ਜੇਕਰ ਨਿਰਧਾਰਤ ਮਿਆਰਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸੰਬੰਧਤ ਸੰਸਥਾਵਾਂ ਖ਼ਿਲਾਫ਼ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਵਿਦਿਆਰਥੀਆਂ ਦੀ ਯਾਤਰਾ ਪੂਰੀ ਤਰ੍ਹਾਂ ਸੁਰੱਖਿਅਤ ਬਣਾਈ ਜਾ ਸਕੇ।